ਜਹਾਨਾਬਾਦ ਭਗਦੜ ਮਾਮਲਾ: 50 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ
ਜਹਾਨਾਬਾਦ (ਬਿਹਾਰ), 14 ਅਗਸਤ
ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਭਗਦੜ ਕਾਰਨ ਸੱਤ ਜਣਿਆਂ ਦੀ ਮੌਤ ਹੋ ਗਈ ਸੀ ਜਦੋਂ ਕਿ 16 ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ’ਚ 43 ਪੁਲੀਸ ਮੁਲਾਜ਼ਮਾਂ ਸਮੇਤ ਕੁੱਲ 50 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੱਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਮਿਲੇ ਹਨ, ਜਦੋਂ ਕਿ 43 ਪੁਲੀਸ ਮੁਲਾਜ਼ਮਾਂ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮੌਜੂਦਗੀ ਦੇ ਬਾਵਜੂਦ ਭਗਦੜ ਦੀ ਘਟਨਾ ਕਿਉਂ ਵਾਪਰੀ। ਬਾਬਾ ਸਿੱਧੇਸ਼ਵਰ ਨਾਥ ਮੰਦਰ ’ਚ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਭਗਦੜ ਮਚਣ ਕਾਰਨ 6 ਔਰਤਾਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 16 ਹੋਰ ਜ਼ਖਮੀ ਹੋਏ ਸਨ। ਘਟਨਾ ਤੋਂ ਇੱਕ ਦਿਨ ਬਾਅਦ ਪੁਲੀਸ ਨੇ ਇੱਕ ਫੁੱਲ ਵਿਕਰੇਤਾ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਦੀ ਕਥਿਤ ਤੌਰ ’ਤੇ ਸ਼ਰਧਾਲੂਆਂ ਨਾਲ ਝੜਪ ਹੋਈ ਸੀ, ਜਿਸ ਨੂੰ ਇਸ ਇਲਾਕੇ ਵਿੱਚ ਭਗਦੜ ਦਾ ਕਾਰਨ ਮੰਨਿਆ ਜਾ ਰਿਹਾ ਹੈ।
ਜ਼ਿਲ੍ਹਾ ਮੈਜਿਸਟਰੇਟ ਅਲੰਕ੍ਰਿਤਾ ਪਾਂਡੇ ਨੇ ਬੁੱਧਵਾਰ ਨੂੰ ਦੱਸਿਆ, ‘‘ਸੱਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਦੋ ਅਧਿਕਾਰੀ ਜਿਨ੍ਹਾਂ ਨੂੰ ਮੌਕੇ ’ਤੇ ਹਾਜ਼ਰ ਹੋਣਾ ਚਾਹੀਦਾ ਸੀ, ਗੈਰਹਾਜ਼ਰ ਸਨ। ਇਸ ਦੇ ਨਾਲ ਹੀ ਬਾਕੀ ਪੰਜ ਹੋਰਨਾਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। -ਪੀਟੀਆਈ