ਸਰਾਫ਼ ਦੀ ਦੁਕਾਨ ਤੋਂ ਗਹਿਣੇ ਤੇ 23 ਲੱਖ ਦੀ ਨਕਦੀ ਲੁੱਟੀ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਜੂਨ
ਇੱਥੇ ਸਵੇਰੇ ਦੋ ਅਣਪਛਾਤੇ ਵਿਅਕਤੀ ਸਰਾਫ਼ਾ ਬਾਜ਼ਾਰ ਵਿੱਚ ਸ੍ਰੀ ਨਾਥ ਟੰਚ ਨਾਂ ਦੇ ਸੁਨਿਆਰੇ ਦੀ ਦੁਕਾਨ ਤੋਂ ਸੋਨਾ, ਚਾਂਦੀ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ। ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੂੰ ਘਟਨਾ ਦੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ 8 ਵਜੇ ਮੋਟਰਸਾਈਕਲ ’ਤੇ ਦੋ ਵਿਅਕਤੀ ਦੁਕਾਨ ’ਤੇ ਆਏ ਤੇ ਦੁਕਾਨ ਦੇ ਕਰਿੰਦੇ ਨੂੰ ਬੰਦੀ ਬਣਾ ਕੇ ਇੱਕ ਕਿੱਲੋ ਸੋਨਾ, 7 ਕਿੱਲੋ ਚਾਂਦੀ ਅਤੇ 23 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਲੁਟੇਰੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਆਪਣੇ ਨਾਲ ਹੀ ਲੈ ਗਏ। ਉਨ੍ਹਾਂ ਦੱਸਿਆ ਕਿ ਦੁਕਾਨ ਮਾਲਕ ਆਪਣੇ ਪਿੰਡ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਦੇ ਡੀਐੱਸਪੀ ਅਮਰ ਨਾਥ ਨੇ ਦੱਸਿਆ ਕਿ ਮਾਮਲਾ ਸ਼ੱਕੀ ਲੱਗਦਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਨੂੰ ਫਰੋਲਿਆ ਜਾ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਮੁਲਜ਼ਮਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਪੁਲੀਸ ਅਧਿਕਾਰੀ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ।