ਅੰਮ੍ਰਿਤਸਰ ਹਵਾਈ ਅੱਡੇ ਤੋਂ ਹੁਣ ਨਿਰਯਾਤ ਹੋਣਗੇ ਗਹਿਣੇ: ਔਜਲਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਦਸੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਬਰਾਮਦ ਕਰਨ ਦੀ ਇਜਾਜ਼ਤ ਮਿਲ ਗਈ। ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਅੱਜ ਹੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਕਾਰੋਬਾਰੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੋਨੇ-ਚਾਂਦੀ ਦੇ ਗਹਿਣੇ ਬਾਹਰ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਨੂੰ ਪੱਤਰ ਭੇਜਿਆ ਸੀ। ਸਵਰਣਕਾਰ ਸੰਘ ਪੰਜਾਬ ਦੀ ਤਰਫੋਂ ਵੀ ਮੰਗ ਪੱਤਰ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੇ 1,500 ਕਾਰੋਬਾਰੀ ਹਨ। ਐਸੋਸੀਏਸ਼ਨ ਦੇ 200 ਤੋਂ ਵੱਧ ਮੈਂਬਰ ਬਰਾਮਦਕਾਰ ਹਨ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਬਰਾਮਦ ਦੀ ਸਹੂਲਤ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਜਾਂ ਮੁੰਬਈ ਦੀਆਂ ਬੰਦਰਗਾਹਾਂ ’ਤੇ ਨਿਰਭਰ ਰਹਿਣਾ ਪੈਂਦਾ ਹੈ। ਇੱਥੋਂ ਮਨਜ਼ੂਰੀ ਮਿਲਣ ਨਾਲ ਖ਼ਰਚਿਆਂ ’ਚ ਕਮੀ ਆਵੇਗੀ। ਸ੍ਰੀ ਔਜਲਾ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕੇਂਦਰੀ ਉਦਯੋਗ ਅਤੇ ਵਣਜ ਮੰਤਰੀ ਜਤਿਨ ਪ੍ਰਸਾਦ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਪੱਤਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਨੂੰ ‘ਐਕਸਪੋਰਟ ਪੋਰਟਾਂ’ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤਹਿਤ ਸਥਾਨਕ ਹਵਾਈ ਅੱਡੇ ਤੋਂ ਸੋਨੇ/ਚਾਂਦੀ/ਪਲੈਟੀਨਮ ਦੇ ਗਹਿਣਿਆਂ ਅਤੇ ਉਨ੍ਹਾਂ ਦੀਆਂ ਵਸਤੂਆਂ ਦੇ ਨਿਰਯਾਤ ਦੀ ਸਹੂਲਤ ਮਿਲ ਗਈ ਹੈ।