ਜਿੰਪਾ ਨੇ ਖੁੱਲ੍ਹਾ ਦਰਬਾਰ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 26 ਨਵੰਬਰ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਕੰਪਲੈਕਸ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਬੇੜਾ ਕੀਤਾ।
ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਗਮ ਦੀ ਬਿਲਡਿੰਗ ਬਰਾਂਚ ਨਾਲ ਸਬੰਧਿਤ ਕਈ ਮਸਲੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਗਏ ਜਿਸ ’ਤੇ ਉਨ੍ਹਾਂ ਨੇ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਨਕਸ਼ਿਆਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਹੱਲ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਲੋਕਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਮਸਲਿਆ ਦੇ ਹੱਲ ਲਈ ਉਹ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਨਾਜਾਇਜ਼ ਊਣਤਾਈ ਪਾਈ ਜਾਂਦੀ ਹੈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲਿਆਂ ਲਈ ਲੋੜੀਂਦੀਆਂ ਸ਼ਰਤਾਂ ਨੂੰ ਪੂਰਾ ਕਰਦਿਆਂ ਬਣਦੇ ਦਸਤਾਵੇਜ਼ ਵੀ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੇ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਆਦਿ ਮੌਜੂਦ ਸਨ।