ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਰਮੀ ਦੇ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ, ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿੱਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅਗਲੇ ਸਾਲ ਤੱਕ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਸਕੀਮਾਂ ਦੇ ਸ਼ੁਰੂ ਹੋਣ ਨਾਲ 1706 ਪਿੰਡਾਂ ਦੇ 4 ਲੱਖ 33055 ਘਰਾਂ ਦੇ 24 ਲੱਖ 73 ਹਜ਼ਾਰ 261 ਲੋਕਾਂ ਨੂੰ ਲਾਭ ਮਿਲੇਗਾ।
ਸ੍ਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਬਜਵਾੜਾ ਸੀਵਰੇਜ ਪ੍ਰਾਜੈਕਟ ਬਾਰੇ ਕਿਹਾ ਕਿ ਇਹ ਪ੍ਰਾਜੈਕਟ ਹਰ ਹਾਲ ਵਿੱਚ ਨਿਰਧਾਰਿਤ ਸਮੇਂ ਵਿਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। ਇਸ ਪ੍ਰਾਜੈਕਟ ਦੀ ਚੰਗੀ ਤਰ੍ਹਾਂ ਨਿਗਰਾਨੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੀਵਰੇਜ ਵਿਛਾਉਣ ਸਮੇਂ ਨਗਰ ਵਾਸੀਆਂ ਨੂੰ ਘੱਟ ਤੋਂ ਘੱਟ ਦਿੱਕਤਾਂ ਪੇਸ਼ ਆਉਣ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦਿਹਾਤੀ ਇਲਾਕਿਆਂ ਵਿਚ ਕੂੜਾ ਪ੍ਰਬੰਧਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੀ ਵੀ ਹਦਾਇਤ ਕੀਤੀ।