ਚੋਣਾਂ ਮਗਰੋਂ ਨਜ਼ਰ ਨਹੀਂ ਆਉਣਗੇ ਜਿੰਦਲ ਤੇ ਗੁਪਤਾ: ਅਭੈ ਚੌਟਾਲਾ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 7 ਮਈ
ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਇਨੈਲੋ ਉਮੀਦਵਾਰ ਅਭੈ ਸਿੰਘ ਚੌਟਾਲਾ ਨੇ ਅੱਜ ਲਾਡਵਾ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਵੋਟਾਂ ਲਈ ਅਪੀਲ ਕੀਤੀ। ਪਿੰਡ ਮੋਰਥਲਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਭਾਜਪਾ ਤੇ ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਲੋਕ ਸਭਾ ਚੋਣਾਂ ਵਿਚ ਬਦਲਾਅ ਜ਼ਰੂਰ ਆਏਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਤੇ ਦੇਸ਼ ਦੇ ਹਾਲਾਤ ਖਰਾਬ ਹੋਏ ਹਨ। ਭਾਜਪਾ ਦੇ ਰਾਜ ਵਿਚ ਹਰ ਵਰਗ ਦੁਖੀ ਹੈ ਕਿਉਂਕਿ ਭਾਜਪਾ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਦਾ ਲੁੱਟਿਆ ਪੈਸਾ ਵਾਪਸ ਲਿਆਉਣ ਤੇ ਹਰ ਕਿਸੇ ਦੇ ਖਾਤੇ ’ਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਤੇ ਦੋ ਕਰੋੜ ਨੌਜਵਾਨਾਂ ਨੂੰ ਹਰ ਸਾਲ ਰੁਜ਼ਗਾਰ ਤੇ ਨੌਕਰੀ ਦੇਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਐੱਮਐੱਸਪੀ ਮਿਲ ਰਿਹਾ ਤੇ ਨਾ 2022 ਤੱਕ ਕਿਸਾਨਾਂ ਦੀ ਆਮਦਨ ਦੁਗਣੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਨਵੀਨ ਜਿੰਦਲ ਪਿਛਲੇ 10 ਸਾਲਾਂ ਤੋਂ ਲਾਪਤਾ ਸੀ ਤੇ ‘ਆਪ’ ਉਮੀਦਵਾਰ ਸੁਸ਼ੀਲ ਗੁਪਤਾ ਬਾਰੇ ਲੋਕ ਜਾਣਦੇ ਹੀ ਨਹੀਂ। ਉਨ੍ਹਾਂ ਕਿਹਾ ਕਿ ਇਹ ਲੋਕ ਚੋਣਾਂ ਵਿਚ ਉਤਰੇ ਹਨ ਤੇ ਚੋਣਾਂ ਤੋਂ ਬਾਅਦ ਕਦੇ ਨਜ਼ਰ ਨਹੀਂ ਆਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 25 ਮਈ ਨੂੰ ਇਨੈਲੋ ਨੂੰ ਵੋਟ ਪਾ ਕੇ ਸਫਲ ਕਰਨ।