ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਨਸ਼ੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਣ ਖ਼ਿਲਾਫ਼ ਲੋਕ ਰੋਹ ਭਖਿਆ

10:51 PM Jun 23, 2023 IST

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 5 ਜੂਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਫ਼ੈਸਲੇ ਅਨੁਸਾਰ ਅੱਜ ਤਹਿਸੀਲ ਕੰਪਲੈਕਸ ਵਿੱਚ ਪਹਿਲਵਾਨਾਂ ਦੇ ਹੱਕ ਵਿਚ ਕੁਸ਼ਤੀ ਫੈੱਡਰੇਸ਼ਨ ਦੇ ਬ੍ਰਿਜ ਭੂਸ਼ਣ ਵਿਰੁੱਧ ਜਥੇਬੰਦੀ ਦੇ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ‘ਚ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਕਚਹਿਰੀ ਚੌਕ ‘ਚ ਭਾਜਪਾ ਆਗੂ ਦਾ ਪੁਤਲਾ ਫੂਕਿਆ ਗਿਆ।

Advertisement

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਪਹਿਲਵਾਨ ਔਰਤਾਂ ਦਾ ਪੂਰਨ ਸਮਰਥਨ ਕਰਦੀ ਹੈ ਤੇ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੀ ਹੈ। ਇਸ ਮੌਕੇ ਕੁਲਬੀਰ ਜੇਠੂਵਾਲ, ਅਨਮੋਲ ਸਿੰਘ ਕੰਦੋਵਾਲੀ, ਨਿਰਵੈਰ ਸਿੰਘ, ਕੁਲਦੀਪ ਚੱਕ ਮੁਕੰਦ, ਨਿਰਵੈਰ ਨੱਥੁਪੁਰਾ, ਸਤਿੰਦਰ ਸਿੰਘ, ਲਖਵਿੰਦਰ ਸਿੰਘ ਮੂਧਲ, ਸਤਨਾਮ ਭਕਨਾ, ਬਲਵੰਤ ਤਾਜੇਚੱਕ ਆਦਿ ਆਗੂ ਹਾਜ਼ਰ ਸਨ।

ਜਲੰਧਰ (ਹਤਿੰਦਰ ਮਹਿਤਾ): ‘ਔਰਤ ਮੁਕਤੀ ਮੋਰਚਾ’ ਦੇ ਸੱਦੇ ‘ਤੇ ਭਾਰੀ ਗਿਣਤੀ ਵਿੱਚ ਪੁੱਜੀਆਂ ਬੀਬੀਆਂ ਨੇ ਅੱਜ ਗੜ੍ਹਾ ਵਿਚਲੇ ਦਯਾਨੰਦ ਚੌਕ ‘ਚ ਰੋਸ ਮੁਜ਼ਾਹਰਾ ਕਰਨ ਉਪਰੰਤ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ। ਮੁਜ਼ਾਹਰਾਕਾਰੀ ਬੀਬੀਆਂ ਨਾਅਰਿਆਂ ਰਾਹੀਂ ਬ੍ਰਿਜ ਭੂਸ਼ਣ ਨੂੰ ਫੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੀਆਂ ਸਨ। ਪੁਤਲਾ ਫੂਕ ਮੁਜ਼ਾਹਰੇ ਦੀ ਅਗਵਾਈ ਔਰਤ ਮੁਕਤੀ ਮੋਰਚੇ ਦੀ ਸਰਪ੍ਰਸਤ ਡਾਕਟਰ ਰਘਬੀਰ ਕੌਰ ਅਤੇ ਸੀਨੀਅਰ ਆਗੂ ਸਾਥੀ ਸੁਨੀਤਾ ਨੂਰਪੁਰੀ ਨੇ ਕੀਤੀ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਇੱਥੋਂ ਨੇੜਲੇ ਕਸਬੇ ਭੈਣੀ ਮੀਆਂ ਖਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਦੁਪਹਿਰ ਸਮੇਂ ਇਲਾਕੇ ਦੇ ਕਿਸਾਨਾਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਕਸਬੇ ਦੇ ਮੁੱਖ ਚੌਕ ਵਿੱਚ ਇਕੱਠੇ ਹੋਏ। ਇਸ ਮੌਕੇ ਕਿਸਾਨ ਆਗੂ ਗੁਰਪ੍ਰਤਾਪ ਸਿੰਘ ਅਤੇ ਜ਼ੋਨ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਸ਼ੋਸ਼ਣ ਦਾ ਸ਼ਿਕਾਰ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦੇਣ ਦੀ ਬਜਾਇ ਉਲਟਾ ਮੁਲਜ਼ਮ ਦੀ ਪਿੱਠ ਥਾਪੜ ਰਹੀ ਹੈ।

ਤਰਨ ਤਾਰਨ (ਗੁਰਬਖ਼ਸ਼ਪੁਰੀ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਇਲਾਕੇ ਦੇ ਪਿੰਡ ਲੌਹੁਕਾ ਵਿੱਚ ਪਹਿਲਵਾਨਾਂ ਧੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਦੇ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਨਾ ਕਰਨ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਤਰਸੇਮ ਸਿੰਘ ਕੁਹਾੜਕਾ ਦੀ ਅਗਵਾਈ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਜਥੇਬੰਦੀ ਦੇ ਆਗੂ ਗੁਰਦਿਆਲ ਸਿੰਘ ਨੱਥੂਚੱਕ, ਸੰਤੋਖ ਸਿੰਘ ਪੱਟੀ, ਹਰਦੀਪ ਸਿੰਘ ਜੋੜਾਂ, ਮੇਹਰ ਸਿੰਘ ਸਖੀਰਾ ਸਣੇ ਹੋਰਨਾਂ ਨੇ ਸੰਬੋਧਨ ਕੀਤਾ| ਆਗੂਆਂ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਕੇ ਫ਼ੌਰੀ ਗ੍ਰਿਫ਼ਤਾਰ ਕੀਤਾ ਜਾਵੇ।

ਮੁਕੇਰੀਆਂ (ਜਗਜੀਤ ਸਿੰਘ): ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਦਿੱਲੀ ਪਹਿਲਵਾਨਾਂ ਦੇ ਹੱਕ ਵਿੱਚ ਭੰਗਾਲਾ ਦੇ ਬਾਜ਼ਾਰ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਬੱਸ ਅੱਡੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸੁਰੇਸ਼ ਚਨੌਰ, ਓਮ ਪ੍ਰਕਾਸ਼, ਨੱਥੂ ਰਾਮ, ਬਚਨ ਲਾਲ, ਧਿਆਨ ਸਿੰਘ ਅਤੇ ਰਘੁਵੀਰ ਸਿੰਘ ਪੰਡੋਰੀ ਨੇ ਕੀਤੀ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਪ੍ਰੈਸ ਸਕੱਤਰ ਆਸ਼ਾ ਨੰਦ, ਆਗੂ ਯਸ਼ਪਾਲ ਚੰਦ ਅਤੇ ਦਿਲਬਾਗ ਸਿੰਘ ਮੰਝਪੁਰ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਫਗਵਾੜਾ (ਜਸਬੀਰ ਸਿੰਘ ਚਾਨਾ): ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਆਗੂਆਂ ਨੇ ਅੱਜ ਟਾਊਨ ਹਾਲ ਫਗਵਾੜਾ ਵਿੱਚ ਰੋਸ ਮੁਜ਼ਾਹਰਾ ਕਰਨ ਉਪਰੰਤ ਏਡੀਸੀ ਦਫ਼ਤਰ ਤੱਕ ਮਾਰਚ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਦੇਸ਼ ਦੀਆਂ ਪਹਿਲਵਾਨਾਂ ਨਾਲ਼ ਹੋ ਰਹੀ ਬੇਇਨਸਾਫ਼ੀ ਤੇ ਧੱਕੇਸ਼ਾਹੀ ਖਿਲਾਫ਼ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਵਿੱਚ ਰੋਸ ਮੁਜ਼ਾਹਰਾ ਕਰ ਕੇ ਭਾਜਪਾ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਕੇਂਦਰੀ ਹਕੂਮਤ ਦੇਸ਼ ਦੀਆਂ ਧੀਆਂ ਨਾਲ਼ ਬੇਇਨਸਾਫ਼ੀ ਤੇ ਬਦਸਲੂਕੀ ਕਰ ਰਹੀ ਹੈ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਮਜ਼ਦੂਰ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸ਼ਾਹਕੋਟ, ਮਲਸੀਆਂ ਅਤੇ ਬੱਲ ਕੋਹਨਾ ਵਿੱਚ ਮੁਜ਼ਾਹਰੇ ਕਰ ਕੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁਤਲੇ ਫੂਕੇ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ, ਸਕੱਤਰ ਗੁਰਚਰਨ ਸਿੰਘ ਚਾਹਲ, ਪ੍ਰੈਸ ਸਕੱਤਰ ਮਨਜੀਤ ਸਿੰਘ ਮਲਸੀਆਂ, ਮਨਜੀਤ ਸਿੰਘ ਸਾਬੀ, ਨਿਰਮਲ ਸਿੰਘ ਕਾਂਗਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਲਾਕਾ ਸ਼ਾਹਕੋਟ-ਨਕੋਦਰ ਦੇ ਸਕੱਤਰ ਸੁਖਜਿੰਦਰ ਲਾਲੀ ਤੇ ਡੀਟੀਐਫ ਪੰਜਾਬ ਦੇ ਪ੍ਰੈਸ ਸਕੱਤਰ ਗੁਰਮੀਤ ਸਿੰਘ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਸੁਖਵਿੰਦਰ ਬਾਗਪੁਰ ਨੇ ਸੰਬੋਧਨ ਕੀਤਾ।

ਅਜਨਾਲਾ (ਸੁਖਦੇਵ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਇੱਥੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਗਿਆ। ਡਾ. ਸਤਨਾਮ ਸਿੰਘ ਅਜਨਾਲਾ ਤੇ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਮੇਨ ਚੌਕ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਜੇ ਸ਼ਾਹ ਧਾਰੀਵਾਲ, ਸੁਰਜੀਤ ਸਿੰਘ ਭੂਰੇ ਗਿੱਲ, ਮਨਜੀਤ ਸਿੰਘ ਸਰਕਾਰੀਆ, ਜੰਗਬਹਾਦਰ ਸਿੰਘ ਮਟੀਆ ਨੇ ਵੀ ਬ੍ਰਿਜ ਭੂਸ਼ਣ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।

ਕੇਂਦਰ ਦੀ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਰੱਖਣ ਦਾ ਐਲਾਨ

ਬੰਗਾ (ਸੁਰਜੀਤ ਮਜਾਰੀ): ਮੁਕੰਦਪੁਰ ਵਿੱਚ ਲੋਕ ਸੰਗੀਤ ਮੰਡਲੀ ਮਸਾਣੀ (ਧਰਮਿੰਦਰ ਮਸਾਣੀ) ਵੱਲੋਂ ਕੀਤੀ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਭਰਦਿਆਂ ਮਾਨਵਤਾ ਕਲਾ ਮੰਚ ਨਗਰ (ਪਲਸ ਮੰਚ), ਕੁਸ਼ਤੀ ਅਖਾੜਾ ਰਾਏਪੁਰ ਡੱਬਾ, ਕੁਸ਼ਤੀ ਅਖਾੜਾ ਮੁਕੰਦਪੁਰ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਪੰਜਾਬ, ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਬੰਗਾ, ਪੇਂਡੂ ਮਜ਼ਦੂਰ ਯੂਨੀਅਨ, ਕ੍ਰਾਈਮ ਬਰਾਂਚ ਬੰਗਾ, ਕਿਰਤੀ ਕਿਸਾਨ ਯੂਨੀਅਨ, ਪ੍ਰੋਗਰੈਸਿਵ ਯੂਥ ਕਲੱਬ ਦੋਆਬਾ ਆਦਿ ਨੇ ਮੁਕੰਦਪੁਰ ਦੇ ਬੱਸ ਅੱਡੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਬੁਲਾਰਿਆਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਕੇਂਦਰੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਾਜ਼ਰ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਅਹਿਦ ਲਿਆ ਕਿ ਉਹ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ।

Advertisement