For the best experience, open
https://m.punjabitribuneonline.com
on your mobile browser.
Advertisement

ਜਿਸਤ-ਟਾਂਕ ਯੋਜਨਾ ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਤੱਕ ਮੁਲਤਵੀ

10:08 AM Nov 09, 2023 IST
ਜਿਸਤ ਟਾਂਕ ਯੋਜਨਾ ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਤੱਕ ਮੁਲਤਵੀ
ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਛਾਈ ਧੁਆਂਖੀ ਧੁੰਦ ਦੌਰਾਨ ਆਪਣੇ ਕੰਮਕਾਜ ਲਈ ਜਾਂਦੇ ਹੋਏ ਲੋਕ। -ਫੋਟੋ: ਰਾਇਟਰਜ਼
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਨਵੰਬਰ
ਦਿੱਲੀ ਸਰਕਾਰ ਨੇ ਅੱਜ ਇੱਥੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜਿਸਤ-ਟਾਂਕ ਕਾਰ ਯੋਜਨਾ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕੀਤੇ ਜਾਣ ਤੋਂ ਬਾਅਦ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਬੀਤੇ ਦਿਨ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਇਸ ਯੋਜਨਾ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਚੁੱਕੇ ਸਨ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਸਰਕਾਰ ਇਸ ਸਕੀਮ ਦੀ ਪ੍ਰਭਾਵਸ਼ੀਲਤਾ ਦਾ ਪਤਾ ਲਗਾਉਣ ਲਈ ਯੂਨੀਵਰਸਿਟੀ ਆਫ ਸ਼ਿਕਾਗੋ ਅਤੇ ਦਿੱਲੀ ਟੈਕਨੋਲੋਜੀਕਲ ਯੂਨੀਵਰਸਿਟੀ ਦੇ ਐਨਰਜੀ ਪਾਲਿਸੀ ਇੰਸਟੀਚਿਊਟ ਵੱਲੋਂ ਕਰਵਾਏ ਗਏ ਦੋ ਵੱਡੇ ਅਧਿਐਨਾਂ ਦੇ ਨਤੀਜੇ ਸੁਪਰੀਮ ਕੋਰਟ ਦੇ ਸਾਹਮਣੇ ਪੇਸ਼ ਕਰੇਗੀ। ਮੰਤਰੀ ਨੇ ਕਿਹਾ ਕਿ ਜਿਸਤ-ਟਾਂਕ’ ਸਕੀਮ ਲਾਗੂ ਕਰਨ ਬਾਰੇ ਫੈਸਲਾ ਸੁਪਰੀਮ ਕੋਰਟ ਵੱਲੋਂ ਇਸ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕਰਨ ਅਤੇ ਹੁਕਮ ਜਾਰੀ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।
ਇਸ ਦੌਰਾਨ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਅੱਜ ਮੁੜ ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਵਿੱਚ ਇੱਕ-ਤਿਹਾਈ ਹਿੱਸਾ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨ ਕਾਰਨ ਫੈਲੇ ਧੂੰਏਂ ਦਾ ਹੈ। ਪੰਜਾਬੀ ਬਾਗ਼ (460), ਨਰੇਲਾ (448), ਬਵਾਨਾ (462), ਆਨੰਦ ਵਿਹਾਰ (452), ਅਤੇ ਰੋਹਿਣੀ (451) ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤਿ ਹੋਣ ਕਾਰਨ ਸ਼ਹਿਰ ਦਾ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) ਅੱਜ ਸਵੇਰੇ 418 ਨੂੰ ਛੂਹ ਗਿਆ।
ਗੋਪਾਲ ਰਾਏ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਟਾਕਰੇ ਲਈ ਦਿੱਲੀ ਸਰਕਾਰ ਇਸ ਮਹੀਨੇ ਕਲਾਊਡ ਸੀਡਿੰਗ ਰਾਹੀਂ ਨਕਲੀ ਮੀਂਹ ਪਵਾਉਣ ਦੀ ਕੋਸ਼ਿਸ਼ ਕਰੇਗੀ। ਰਾਏ ਨੇ ਕਿਹਾ ਕਿ ਉਨ੍ਹਾਂ ਆਈਆਈਟੀ ਕਾਨਪੁਰ ਦੇ ਵਿਗਿਆਨੀਆਂ ਨਾਲ ਇੱਕ ਮੀਟਿੰਗ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਕਲਾਉਡ ਸੀਡਿੰਗ ਦੀ ਕੋਸ਼ਿਸ਼ ਤਾਂ ਹੀ ਕੀਤੀ ਜਾ ਸਕਦੀ ਹੈ ਜੇ ਬੱਦਲ ਜਾਂ ਹਵਾ ਵਿੱਚ ਨਮੀ ਹੋਵੇ। ਉਨ੍ਹਾਂ ਕਿਹਾ ਕਿ ਮਾਹਿਰਾਂ ਦਾ ਮੰਨਣਾ ਹੈ ਕਿ 20-21 ਨਵੰਬਰ ਦੇ ਆਸ-ਪਾਸ ਅਜਿਹਾ ਕੀਤਾ ਜਾ ਸਕਦਾ ਹੈ। ਅਸੀਂ ਵਿਗਿਆਨੀਆਂ ਨੂੰ ਇਸ ਸਬੰਧ ਵਿੱਚ ਇੱਕ ਤਜਵੀਜ਼ ਤਿਆਰ ਕਰਨ ਲਈ ਕਿਹਾ ਹੈ, ਜੋ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦਿੱਲੀ ਵਿੱਚ ਐਪ ਆਧਾਰਤਿ ਟੈਕਸੀਆਂ ਦੇ ਦਾਖਲੇ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੂੰ ਕਨਾਟ ਪਲੇਸ ਸਮੌਗ ਟਾਵਰ ਨੂੰ ਪੂਰੀ ਸਮਰੱਥਾ ਨਾਲ ਮੁੜ ਸ਼ੁਰੂ ਕਰਨ ਅਤੇ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਵੱਖ-ਵੱਖ ਸਰੋਤਾਂ ਦੀ ਪਛਾਣ ਕਰਨ ਲਈ ਇੱਕ ਅਧਿਐਨ ਮੁੜ ਸ਼ੁਰੂ ਕਰਨ ਵਾਸਤੇ ਆਈਆਈਟੀ ਕਾਨਪੁਰ ਨੂੰ ਬਾਕੀ ਫੰਡ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਾਏ ਨੇ ਕਿਹਾ ਕਿ ਦਿੱਲੀ ਵਿੱਚ ਖੁੱਲ੍ਹੇਆਮ ਕੂੜਾ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਕੰਮ ਲਈ 611 ਟੀਮਾਂ ਬਣਾਈਆਂ ਜਾਣਗੀਆਂ। ਉਧਰ ਕੌਮੀ ਰਾਜਧਾਨੀ ’ਚ ਪ੍ਰਦੂਸ਼ਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਸਰਕਾਰ ’ਤੇ ਦਿੱਲੀ ਵਿੱਚ ਪ੍ਰਦੂਸ਼ਣ ਲਈ ‘ਸਭ ਤੋਂ ਵੱਡਾ ਦੋਸ਼ੀ’ ਹੋਣ ਦਾ ਦੋਸ਼ ਲਗਾਇਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੇ ਕਿਹਾ ਕਿ ਕੇਂਦਰੀ ਵਾਤਾਵਰਨ ਮੰਤਰੀ ਅਜਿਹੇ ਸਮੇਂ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ, ਜਦੋਂ ਦਿੱਲੀ ਪ੍ਰਦੂਸ਼ਣ ਸੰਕਟ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ, “ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਅਸੀਂ ਸੁਪਰੀਮ ਕੋਰਟ ਦੇ ਇਸ ਫੈਸਲੇ ਲਈ ਧੰਨਵਾਦੀ ਹਾਂ। ਇਸ ਵਿੱਚ ਪੰਜ ਰਾਜ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸ਼ਾਮਲ ਹਨ ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹੇ ਸਮੇਂ ਜਦੋਂ ਸੁਪਰੀਮ ਕੋਰਟ ਅਜਿਹੇ ਗੰਭੀਰ ਮਾਮਲੇ ’ਤੇ ਚਰਚਾ ਕਰ ਰਹੀ ਹੈ, ਸਿਰਫ਼ ਦਿੱਲੀ ਅਤੇ ਪੰਜਾਬ ਨੇ ਹਲਫ਼ਨਾਮਾ ਦਾਇਰ ਕੀਤਾ ਹੈ।’’
ਪਾਠਕ ਨੇ ਕਿਹਾ, ‘‘ਭਾਜਪਾ ਨੇ ਪ੍ਰਦੂਸ਼ਣ ਦੀ ਸਮੱਸਿਆ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜਿਹਾ ਲੱਗਦਾ ਹੈ ਕਿ ਕੇਜਰੀਵਾਲ ਨੂੰ ਬਦਨਾਮ ਕਰਨ ਦਾ ਏਜੰਡਾ ਚਲਾਇਆ ਜਾ ਰਿਹਾ ਹੈ।’’ ਉਨ੍ਹਾਂ ਕਿਹਾ, “ਪ੍ਰਦੂਸ਼ਣ ਦੀ ਸਮੱਸਿਆ ਵਿੱਚ ਦਿੱਲੀ ਦੀ ਕੋਈ ਭੂਮਿਕਾ ਨਹੀਂ ਹੈ। ਸੱਚ ਤਾਂ ਇਹ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਦੋਸ਼ੀ ਹਰਿਆਣਾ ਹੈ। ਉਹ ਕੋਈ ਕਾਰਵਾਈ ਨਹੀਂ ਕਰ ਰਹੇ ਹਨ। ਉਹ ਨਾ ਤਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਨਾ ਹੀ ਕੋਈ ਯੋਜਨਾ ਬਣਾ ਰਹੇ ਹਨ। ਪਰਾਲੀ ਸਾੜਨ ਸਮੇਂ ਉਹ ਆਮ ਆਦਮੀ ਪਾਰਟੀ ਨੂੰ ਦੋਸ਼ੀ ਠਹਿਰਾਉਂਦੇ ਹਨ।’’­

Advertisement

ਆਪ’ ਵੱਲੋਂ ਪ੍ਰਦੂਸ਼ਣ ਦੇ ਮੁੱਦੇ ’ਤੇ ਸਿਆਸਤ ਨਾ ਕਰਨ ਦੀ ਅਪੀਲ

‘ਆਪ’ ਆਗੂ ਦੁਰਗੇਸ਼ ਪਾਠਕ ਨੇ ਭਾਜਪਾ ਨੂੰ ਪ੍ਰਦੂਸ਼ਣ ਦੇ ਮੁੱਦੇ ’ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘‘ਸਿਆਸਤ ਦੀ ਕੀ ਲੋੜ ਹੈ। ਤੁਸੀਂ ਪਹਿਲਾਂ ਹੀ ਬਹੁਤ ਰਾਜਨੀਤੀ ਕਰ ਚੁੱਕੇ ਹੋ। ਤੁਸੀਂ ਦਿੱਲੀ ਦੇ ਰਾਜ ਪ੍ਰਬੰਧ ’ਤੇ ਕਬਜ਼ਾ ਕਰ ਲਿਆ ਹੈ। ਤੁਸੀਂ ਸਭ ਕੁਝ ਕਰ ਰਹੇ ਹੋ ਪਰ ਦਿੱਲੀ ਦੇ ਲੋਕ ਆਪਣੇ ਪੁੱਤਰ ਨੂੰ ਆਪਣਾ ਪੁੱਤਰ ਸਮਝਦੇ ਹਨ।’’ ਉਨ੍ਹਾਂ ਕਿਹਾ ਕਿ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ’ਚ ਪਰਾਲੀ ਸਾੜਨ ’ਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਕਿਰਪਾ ਕਰਕੇ ਇਸ ਮੁੱਦੇ ’ਤੇ ਰਾਜਨੀਤੀ ਨਾ ਕਰੋ। ਮੈਂ ਕੇਂਦਰ ਨੂੰ ਜਾਗਣ ਦੀ ਅਪੀਲ ਕਰਦਾ ਹਾਂ। ਚੋਣਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ। ਵਾਤਾਵਰਨ ਮੰਤਰੀ ਨੂੰ ਸਾਰੇ ਹਿੱਸੇਦਾਰਾਂ ਅਤੇ ਰਾਜਾਂ ਨੂੰ ਇਸ ਮੁੱਦੇ ’ਤੇ ਚਰਚਾ ਕਰਨ ਅਤੇ ਹੱਲ ਲੱਭਣ ਲਈ ਬੁਲਾਉਣਾ ਚਾਹੀਦਾ ਹੈ।’’

Advertisement
Author Image

Advertisement
Advertisement
×