ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
ਨਿੱਜੀ ਪੱਤਰ ਪ੍ਰੇਰਕ
ਸਮਾਣਾ, 22 ਜੁਲਾਈ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਸੱਸਾ ਗੁੱਜਰਾਂ ਦੇ ਹੜ੍ਹਾਂ ਦੀ ਲਪੇਟ ’ਚ ਆ ਕੇ ਫੌਤ ਹੋਏ ਨੌਜਵਾਨ ਭਗਵਾਨ ਦਾਸ ਪੁੱਤਰ ਰਾਮ ਦਾਸ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਮ੍ਰਿਤਕ ਦੇ ਪਿਤਾ ਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਗਵਾਨ ਦਾਸ ਦੇ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਕੁੱਲ 10 ਮੌਤਾਂ ਹੋਈਆਂ ਹਨ ਤੇ ਸਾਰੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀ ਪਰਿਵਾਰ ਲਈ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਉਨ੍ਹਾਂ ਦੇ ਬੈੰਕ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤੀ ਆਫ਼ਤ ਕਰਕੇ ਅਜਾਈਂ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤਾ ਜਾ ਸਕਦੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਔਖੇ ਵੇਲੇ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ।