ਸੁਤੰਤਰਤਾ ਸੰਗਰਾਮੀ ਦੇ ਘਰ ਪੁੱਜੇ ਜੌੜਾਮਾਜਰਾ
ਪੱਤਰ ਪ੍ਰੇਰਕ
ਮਾਨਸਾ, 17 ਅਗਸਤ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮਾਨਸਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿੱਚ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ ਵਿਚ ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ ਅਤੇ ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਸਨਮਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪਿ੍ਰੰਸੀਪਲ ਬੁੱਧ ਰਾਮ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸ.ਐਸ.ਪੀ. ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।