ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਲਵਲੀ ‘ਆਪ’ ’ਚ ਸ਼ਾਮਲ
ਗੁਰਿੰਦਰ ਸਿੰਘ
ਲੁਧਿਆਣਾ, 14 ਮਈ
ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਸੂਬਾ ਪ੍ਰਧਾਨ ਤੇ ਸਮਾਜ ਸੇਵੀ ਰਾਜੀਵ ਕੁਮਾਰ ਲਵਲੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਾਜੀਵ ਕੁਮਾਰ ਲਵਲੀ ਦੇ ਪਿਤਾ ਸਵ. ਬਾਬੂ ਅਜੀਤ ਕੁਮਾਰ ਸਾਲ 1962 ਤੋਂ 1967 ਤੱਕ ਆਰਪੀਆਈ ਪਾਰਟੀ ਦੇ ਸਿੱਧਵਾਂ ਬੇਟ ਹਲਕੇ ਤੋਂ ਵਿਧਾਇਕ ਸਨ, ਜਦੋਂਕਿ ਰਾਜੀਵ ਕੁਮਾਰ ਲਵਲੀ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਸੂਬਾ ਪ੍ਰਧਾਨ ਹੋਣ ਤੋਂ ਇਲਾਵਾ, ਅੰਬੇਡਕਰ ਨਵ-ਯੁਵਕ ਦਲ ਦੇ ਸਰਪ੍ਰਸਤ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ, ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਪ੍ਰਧਾਨ, ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਤੇ ਡਾ. ਏਵੀਐੱਮ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵੀ ਹਨ।
ਇਸ ਮੌਕੇ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਦੇਸ਼ ਅਤੇ ਸੰਵਿਧਾਨ ਦੀ ਰਾਖੀ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ‘ਆਪ’ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਐੱਸਸੀ, ਐੱਸਟੀ ਸਣੇ ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਮਿਲਣ ਵਾਲੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।