ਡੱਲੇਵਾਲ ਦੀ ਜਾਨ ਬਚਾਉਣ ਲਈ ਸਾਂਝੇ ਯਤਨ ਕੀਤੇ ਜਾਣ: ਜਾਖੜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖਨੌਰੀ ਮੋਰਚੇ ਵਿੱਚ ਪਿਛਲੇ 27 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਮੂਹਿਕ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਹ ਅੱਜ ਪੰਚਕੂਲਾ ਵਿੱਚ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਹਉਮੈ ਤਿਆਗ ਕੇ ਮਰਨ ਵਰਤ ਖ਼ਤਮ ਕਰਵਾਉਣ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੂੰਨ ਵਿਵਸਥਾ ਦੀ ਹਾਲਤ ਵਿਗੜ ਰਹੀ ਹੈ ਪਰ ਮੁੱਖ ਮੰਤਰੀ ਇਨ੍ਹਾਂ ਦਾ ਸਾਹਮਣਾ ਕਰਨ ਦੀ ਥਾਂ ਆਸਟਰੇਲੀਆ ਜਾਣ ਦੀ ਤਿਆਰੀ ਕਰ ਰਹੇ ਹਨ।
ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਸੁਨੀਲ ਜਾਖੜ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਇੰਟੈਲੀਜੈਂਸ ਬਿਊਰੋ ਦੇ ਦਫ਼ਤਰ ’ਤੇ ਬੰਬ ਸੁੱਟਿਆ ਗਿਆ, ਉਸ ਤੋਂ ਬਾਅਦ ਥਾਣਿਆਂ ’ਤੇ ਹੱਥਗੋਲੇ ਜਾਂ ਬੰਬ ਸੁੱਟਣ ਦੀਆਂ ਨੌਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲੱਗੀ ਹੋਈ ਹੈ। ਇਸ ਸਥਿਤੀ ਨੂੰ ਤੁਰੰਤ ਰੋਕਣ ਦੀ ਲੋੜ ਹੈ।