ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ
ਗੁਰਿੰਦਰ ਸਿੰਘ
ਲੁਧਿਆਣਾ, 22 ਨਵੰਬਰ
ਕਿਸਾਨਾਂ-ਮਜ਼ਦੂਰਾਂ ਦੇ ਜੇਤੂ ਅੰਦੋਲਨ ਦੇ 26 ਨਵੰਬਰ ਨੂੰ ਚਾਰ ਵਰ੍ਹੇ ਪੂਰੇ ਹੋਣ ’ਤੇ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਕੀਤੇ ਜਾ ਰਹੇ ਰੋਸ ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਕਿਸਾਨ ਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਵਿੱਚ 26 ਨਵੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦੇ ਕੇ ਸਰਕਾਰ ਨੂੰ ਚਿਤਾਵਨੀ ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ।
ਕਰਨੈਲ ਸਿੰਘ ਈਸੜੂ ਭਵਨ ਵਿੱਖੇ ਨਰੇਸ਼ ਗੌੜ ਅਤੇ ਬਲਦੇਵ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਜਥੇਬੰਦੀਆਂ ਨੇ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਹੋਰ ਤੇਜ਼ ਕਰਨ ਲਈ ਵਿਉਂਤ ਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲੋਕ ਵਿਰੋਧੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਲਈ ਇਹ ਧਰਨੇ ਫ਼ੈਸਲਾਕੁਨ ਸਾਬਤ ਹੋਣਗੇ। ਆਗੂਆਂ ਵੱਲੋਂ 26 ਨਵੰਬਰ ਦੇ ਧਰਨੇ ਦੀ ਤਿਆਰੀ ਲਈ ਪਿੰਡਾ, ਸ਼ਹਿਰਾਂ, ਗਲੀ ਮੁਹੱਲਿਆਂ ਵਿੱਚ ਮੀਟਿੰਗਾਂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਉੱਘੇ ਕਿਸਾਨ ਆਗੂ ਕਰਤਾਰ ਸਿੰਘ ਬੁਆਣੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਆਲ ਇੰਡੀਆ ਕਿਸਾਨ ਸਭਾ 1936 ਦੇ ਚਮਕੌਰ ਸਿੰਘ, ਜ਼ਮਹੂਰੀ ਕਿਸਾਨ ਸਭਾ ਦੇ ਰਘਬੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਬੀਕੇਯੂ ਡਕੌਂਦਾ (ਧਨੇਰ) ਦੇ ਹਰਬੰਸ ਸਿੰਘ ਬੀਰਮੀ, ਸੀਆਈਟੀਯੂ ਦੇ ਸੁਖਵਿੰਦਰ ਸਿੰਘ ਲੋਟੇ, ਅਮਰਨਾਥ ਕੂੰਮ ਕਲਾਂ, ਸੀਟੀਯੂ ਪੰਜਾਬ ਦੇ ਪਰਮਜੀਤ ਸਿੰਘ ਅਤੇ ਜਗਦੀਸ਼ ਚੰਦ, ਏਟਕ ਦੇ ਵਿਜੇ ਕੁਮਾਰ, ਏਆਈਟੀਯੂਈ ਦੇ ਕੇਵਲ ਸਿੰਘ ਅਤੇ ਸਰਬਜੀਤ ਸਿੰਘ ਹਾਜ਼ਰ ਸਨ।