ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਖ਼ਾਸਤ ਏਆਈਜੀ ਸਿੱਧੂ ਮਾਮਲੇ ਵਿੱਚ ਪੱਤਰਕਾਰ ਰਾਜਿੰਦਰ ਤੱਗੜ ਗ੍ਰਿਫ਼ਤਾਰ

08:45 AM Apr 28, 2024 IST
ਮੁਹਾਲੀ ਵਿਚ ਪੱਤਰਕਾਰ ਰਾਜਿੰਦਰ ਤੱਗੜ ਨੂੰ ਅਦਾਲਤ ਵਿੱਚ ਪੇਸ਼ ਕਰਨ ਲਿਜਾਂਦੀ ਹੋਈ ਪੁਲੀਸ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਅਪਰੈਲ
ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਾਜਿੰਦਰ ਤੱਗੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੱਤਰਕਾਰਾਂ, ਵਕੀਲਾਂ, ਕਿਸਾਨ ਤੇ ਸਮਾਜਿਕ ਜਥੇਬੰਦੀਆਂ ਸਮੇਤ ਵੱਖ ਵੱਖ ਸਿਆਸੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੁਲੀਸ ’ਤੇ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਇਸ ਨੂੰ ਪ੍ਰੈੱਸ ਦੀ ਸੰਘੀ ਘੁੱਟਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਪੱਤਰਕਾਰ ਰਾਜਿੰਦਰ ਤੱਗੜ ਨੂੰ ਅੱਜ ਬਾਅਦ ਦੁਪਹਿਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਨੇ ਪੱਤਰਕਾਰ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਸ ਤੋਂ ਫੰਡਿੰਗ ਦੇ ਸਰੋਤ ਬਾਰੇ ਪਤਾ ਕਰਨਾ ਹੈ ਜਦਕਿ ਬਚਾਅ ਪੱਖ ਦੇ ਵਕੀਲ ਨੇ ਇਸਨੂੰ ਬਦਲਾਖੋਰੀ ਦੀ ਕਾਰਵਾਈ ਦੱਸਦਿਆਂ ਕਿਹਾ ਕਿ ਪੱਤਰਕਾਰ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਅਦਾਲਤ ਨੇ ਤੱਗੜ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਸ ਨੂੰ ਸੋਮਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਤੱਗੜ ਨੇ ਪਹਿਲਾਂ ਹੀ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਪੁਲੀਸ ਉਨ੍ਹਾਂ ਨੂੰ ਕਿਸੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਵੀ ਦਿੱਤੀ ਸੀ। ਅਦਾਲਤ ਨੇ ਤੱਗੜ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣ ਦੀ ਹਦਾਇਤ ਕੀਤੀ ਸੀ। ਬੀਤੀ ਸ਼ਾਮ ਮੁਹਾਲੀ ਪੁਲੀਸ ਵੱਲੋਂ ਤੱਗੜ ਨੂੰ ਇੱਕ ਹਫ਼ਤੇ ਦਾ ਨੋਟਿਸ ਵੀ ਦਿੱਤਾ ਗਿਆ ਪਰ ਰਾਤ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਤੱਗੜ ਵੱਲੋਂ ਪੁਲੀਸ ਤੰਤਰ ਖ਼ਿਲਾਫ਼ ਵੱਖ-ਵੱਖ ਰਿਪੋਰਟਾਂ ਨਸ਼ਰ ਕੀਤੀਆਂ ਗਈਆਂ ਸਨ ਜਿਸ ਕਾਰਨ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਸੂਬਾ ਸਕੱਤਰ ਜਸਪਾਲ ਸਿੰਘ ਦੱਪਰ ਅਤੇ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ.ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਜਨਰਲ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ ਮੱਲ੍ਹੀ, ਵਾਈਸ ਚੇਅਰਮੈਨ ਐਮਪੀ ਕੌਸ਼ਿਕ ਨੇ ਪੱਤਰਕਾਰ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ।

Advertisement

Advertisement
Advertisement