For the best experience, open
https://m.punjabitribuneonline.com
on your mobile browser.
Advertisement

ਤਿਰੂਪਤੀ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ

06:52 AM Jan 10, 2025 IST
ਤਿਰੂਪਤੀ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ
ਹਸਪਤਾਲ ਵਿੱਚ ਔਰਤ ਦਾ ਹਾਲਚਾਲ ਪੁੱਛਦੇ ਹੋਏ ਮੁੱਖ ਮੰਤਰੀ ਚੰਦਰਬਾਬੂ ਨਾਇਡੂ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ/ਤਿਰੂਪਤੀ, 9 ਜਨਵਰੀ
ਆਂਧਰਾ ਪ੍ਰਦੇਸ਼ ਸਰਕਾਰ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਮਾਮਲੇ ਦੀ ਨਿਆਂਇਕ ਜਾਂਚ ਤੋਂ ਇਲਾਵਾ ਐੱਸਪੀ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮੇ ਦਿੱਤੇ ਹਨ। ਇਸ ਦੇ ਨਾਲ ਦੋ ਐੱਫਆਈਆਰ ਦਰਜ ਵੀ ਕੀਤੀਆਂ ਗਈਆਂ ਹਨ। ਸਰਕਾਰ ਨੇ ਭਗਦੜ ਵਿੱਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਅੱਜ 25-25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਾਪਰਵਾਹੀ ਵਰਤਣ ਦੇ ਮਾਮਲੇ ਵਿੱਚ ਡੀਐੱਸਪੀ ਸਮੇਤ ਦੋ ਅਧਿਕਾਰੀਆਂ ਨੂੰ ਵੀ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਇਡੂ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਨਾਇਡੂ ਨੇ ਹਸਪਤਾਲ ਦਾ ਦੌਰਾ ਕੀਤੇ ਅਤੇ ਉੱਥੇ ਦਾਖ਼ਲ ਪੀੜਤਾਂ ਦਾ ਹਾਲਚਾਲ ਪੁੱਛਿਆ।
ਤਿਰੂਪਤੀ ਦੇ ਐੱਮਜੀਐੱਮ ਸਕੂਲ ਨੇੜੇ ਬੈਰਾਗੀ ਪੱਟੇਡਾ ਵਿੱਚ ਬੁੱਧਵਾਰ ਰਾਤ ਨੂੰ ਦਰਸ਼ਨ’ ਟੋਕਨਾਂ ਦੀ ਵੰਡ ਦੌਰਾਨ ਭਗਦੜ ਮੱਚਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਲਗਪਗ 40 ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਦਾ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਦਾ ਵੀ ਪ੍ਰੋਗਰਾਮ ਹੈ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਗਦੜ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਦੁੱਖ ਹੋਇਆ ਕਿ ਤਿਰੂਪਤੀ ਵਿੱਚ ਭਗਦੜ ਕਾਰਨ ਬਹੁਤ ਸਾਰੇ ਸ਼ਰਧਾਲੂਆਂ ਦੀ ਜਾਨ ਚਲੀ ਗਈ। ਰਾਸ਼ਟਰਪਤੀ ਮੁਰਮੂ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ, ‘‘ਮੈਂ ਪੀੜਤ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦੀ ਹਾਂ।’’ ਘਟਨਾ ਵਿੱਚ ਜਿਊਂਦੇ ਬਚੇ ਇੱਕ ਪੀੜਤ ਨੇ ਕਿਹਾ ਕਿ ਪੰਜ ਮਿੰਟ ਤੱਕ ਉਨ੍ਹਾਂ ਨੂੰ ਜਾਪਿਆ ਜਿਵੇਂ ਹੁਣ ਉਹ ਜਿਊਂਦੇ ਨਹੀਂ ਬਚਣਗੇ। -ਪੀਟੀਆਈ

Advertisement

ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣ ਚੰਦਰਬਾਬੂ ਨਾਇਡੂ: ਵਾਈਐੱਸਆਰਸੀਪੀ

ਤਿਰੂਪਤੀ:

Advertisement

ਵਾਈਐੱਸਆਰਸੀਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਤਿਰੂਮਲਾ ਤਿਰੂਪਤੀ ਦੇਵਸਥਾਨਮ (ਟੀਟੀਡੀ) ਦੇ ਚੇਅਰਮੈਨ ਬੀ ਕਰੁਣਾਕਰ ਰੈਡੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੂੰ ਤਿਰੂਪਤੀ ਵਿੱਚ ਭਗਦੜ ਸਬੰਧੀ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਕਾਂਗਰਸ ਦੀ ਆਂਧਰਾ ਪ੍ਰਦੇਸ਼ ਇਕਾਈ ਨੇ ਭਗਵਾਨ ਵੈਂਕਟੇਸ਼ਵਰ ਮੰਦਰ ਦਾ ਪ੍ਰਬੰਧਨ ਕਰਨ ਵਾਲੀ ਤਿਰੂਮਾਲਾ ਤਿਰੂਪਤੀ ਦੇਵਸਥਾਨਮ (ਟੀਟੀਡੀ) ਨੂੰ ਇਸ ਘਟਨਾ ਦਾ ਜ਼ਿੰਮੇਵਾਰ ਠਹਿਰਾਇਆ ਹੈ। ਸੀਪੀਐਮ ਦੇ ਆਗੂ ਨੇ ਕਿਹਾ ਕਿ ਹਰ ਸਾਲ ਇਸ ਸਮੇਂ ਲੱਖਾਂ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਲਈ ਕੋਈ ਵਿਵਸਥਾ ਨਹੀਂ ਕੀਤੀ ਗਈ ਸੀ। -ਪੀਟੀਆਈ

Advertisement
Author Image

joginder kumar

View all posts

Advertisement