ਸਰਕਾਰ ਖ਼ਿਲਾਫ਼ ਨਿੱਤਰੇ ਜੁਗਾੜੂ ਰੇਹੜੀ ਵਾਲੇ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 3 ਅਗਸਤ
ਲੁਧਿਆਣਾ-ਬਠਿੰਡਾ ਰਾਜ ਮਾਰਗ ’ਤੇ ਰਾਏਕੋਟ ਦੇ ਪ੍ਰਮੁੱਖ ਹਰੀ ਸਿੰਘ ਨਲੂਆ ਚੌਕ ਵਿੱਚ ਜੁਗਾੜੂ ਰੇਹੜੀ ਵਾਲਿਆਂ ਨੇ ਅੱਜ ਨਾਅਰੇਬਾਜ਼ੀ ਦੌਰਾਨ ਪ੍ਰਦਰਸ਼ਨ ਕੀਤਾ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਵੱਲ ਪਿੱਠ ਕਰ ਲੈਣ ਦਾ ਉਲਾਂਭਾ ਦਿੱਤਾ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਜੁਗਾੜੂ ਰੇਹੜੀ ਯੂਨੀਅਨ (ਸੀਟੂ) ਦੇ ਪ੍ਰਧਾਨ ਕਰਮ ਸਿੰਘ, ਮੀਤ ਪ੍ਰਧਾਨ ਕੁੰਢਾ ਸਿੰਘ, ਗੁਰਪਾਲ ਸਿੰਘ ਅਤੇ ਸੁਖਦੇਵ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜੁਗਾੜੂ ਰੇਹੜੀਆਂ ਵਾਲੇ ਗ਼ਰੀਬ ਪਰਿਵਾਰਾਂ ਦਾ ਰੁਜ਼ਗਾਰ ਖੋਹਿਆ ਨਹੀਂ ਜਾਵੇਗਾ। ਇਨ੍ਹਾਂ ਜੁਗਾੜੂ ਰੇਹੜੀਆਂ ਨੂੰ ਚਲਦਾ ਰੱਖਣ ਲਈ ਸਰਕਾਰ ਬਦਲਵੇਂ ਪ੍ਰਬੰਧ ਕਰੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀ ਉੱਚ ਅਦਾਲਤ ਦੇ ਹੁਕਮਾਂ ਦਾ ਹਵਾਲਾ ਦੇ ਕੇ ਆਏ ਦਿਨ ਇਨ੍ਹਾਂ ਗ਼ਰੀਬ ਲੋਕਾਂ ਦੇ ਜੁਗਾੜੂ ਰੇਹੜੇ ਥਾਣਿਆਂ ਵਿੱਚ ਬੰਦ ਕਰ ਦਿੰਦੇ ਹਨ।
ਸੀਟੂ ਆਗੂ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸਰਕਾਰ ਲੋਕਾਂ ਲਈ ਖ਼ੁਦ ਕੋਈ ਰੁਜ਼ਗਾਰ ਪੈਦਾ ਨਹੀਂ ਕਰਦੀ ਅਤੇ ਜੇ ਉਹ ਖ਼ੁਦ ਕੋਈ ਹੀਲਾ ਕਰਦੇ ਹਨ ਤਾਂ ਉਨ੍ਹਾਂ ਨੂੰ ਕਾਨੂੰਨੀ ਘੁੰਮਣ-ਘੇਰੀਆਂ ਵਿੱਚ ਫਸਾ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਕਾਮਿਆਂ ਲਈ ਜਾਂ ਤਾਂ ਢੁਕਵੇਂ ਰੁਜ਼ਗਾਰ ਦਾ ਪ੍ਰਬੰਧ ਕਰੇ ਜਾਂ ਉਨ੍ਹਾਂ ਨੂੰ ਆਪਣਾ ਕੰਮ ਜਾਰੀ ਰੱਖਣ ਦਾ ਰਾਹ ਖੋਲ੍ਹੇ। ਕਾਫ਼ੀ ਜੱਦੋਜਹਿਦ ਬਾਅਦ ਪੁਲੀਸ ਅਧਿਕਾਰੀਆਂ ਨੇ ਪ੍ਰੇਸ਼ਾਨ ਨਾ ਕਰਨ ਦਾ ਭਰੋਸਾ ਦਿੱਤਾ।