ਕੌਮੀ ਰਾਜਧਾਨੀ ਵਿੱਚ ਜੰਗਲ ਰਾਜ: ਕੇਜਰੀਵਾਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਸਤੰਬਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਵਿੱਚ ਵਪਾਰਕ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਢਹਿ ਗਈ ਹੈ ਅਤੇ ‘ਜੰਗਲ ਰਾਜ’ ਦਾ ਮਾਹੌਲ ਹੈ। ਐਕਸ ’ਤੇ ਇਕ ਪੋਸਟ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਪੈਣਗੇ ਕਿਉਂਕਿ ਕੌਮੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ।
ਉਨ੍ਹਾਂ ਲਿਖਿਆ ਕਿ ਦੇਸ਼ ਦੀ ਰਾਜਧਾਨੀ ਵਿੱਚ ਲੋਕ ਡਰੇ ਹੋਏ ਹਨ। ਪਿਛਲੇ ਦਿਨਾਂ ਵਿੱਚ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਇੱਕ ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੇ ਸ਼ੋਅਰੂਮ, ਹੋਟਲ ਅਤੇ ਮਠਿਆਈ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਪੁਲੀਸ ਨੂੰ ਸ਼ੱਕ ਹੈ ਕਿ ਇਨ੍ਹਾਂ ਘਟਨਾਵਾਂ ਦਾ ਸਬੰਧ ਜਬਰੀ ਵਸੂਲੀ ਵਾਲੇ ਗਰੋਹ ਨਾਲ ਹੈ।
ਜ਼ਿਕਰਯੋਗ ਹੈ ਕਿ ਸੱਤਾਧਾਰੀ ‘ਆਪ’ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ ਅਤੇ ਦਾਅਵਾ ਕੀਤਾ ਕਿ ਸ਼ਹਿਰ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵੱਖ-ਵੱਖ ਗਰੋਹਾਂ ਤੋਂ ਫਿਰੌਤੀ ਦੀਆਂ ਕਾਲਾਂ ਵਧੀਆਂ ਹਨ। ਉਨ੍ਹਾਂ ਦਿੱਲੀ ਪੁਲੀਸ ’ਤੇ ਵੀ ਨਾਕਾਮੀ ਦਾ ਦੋਸ਼ ਲਗਾਇਆ, ਦਾਅਵਾ ਕੀਤਾ ਕਿ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਖਤਮ ਹੋ ਗਿਆ ਹੈ ਅਤੇ ਉਹ ਸਿੱਧੇ ਤੌਰ ’ਤੇ ਗੈਂਗਾਂ ਨਾਲ ਮਾਮਲਿਆਂ ਦਾ ਨਿਪਟਾਰਾ ਕਰ ਰਹੇ ਹਨ। ‘ਆਪ’ ਵਿਧਾਇਕਾਂ ਨੇ ਅਜਿਹੇ ਅਪਰਾਧਾਂ ‘ਤੇ ਨਜ਼ਰ ਰੱਖਣ ਲਈ ਪੁਲੀਸ ਸਟੇਸ਼ਨ ਪੱਧਰੀ ਨਿਗਰਾਨ ਕਮੇਟੀਆਂ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕੀਤੀ ਹੈ।
‘ਭਾਜਪਾ ਸ਼ਾਸਿਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ’
ਫਰੀਦਾਬਾਦ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਫਰੀਦਾਬਾਦ ਤੋਂ ਕਰੀਬ 30 ਕਿਲੋਮੀਟਰ ਦੂਰ ਗੁਰੂਗ੍ਰਾਮ ਦੇ ਬਾਦਸ਼ਾਹਪੁਰ ਵਿਧਾਨ ਸਭਾ ਤੋਂ ਪਾਰਟੀ ਦੇ ਉਮੀਦਵਾਰ ਬੀਰ ਸਿੰਘ ਸਰਪੰਚ ਦੇ ਸਮਰਥਨ ਵਿੱਚ ਜਨਤਕ ਮੀਟਿੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ‘ਆਪ’ ਦੀਆਂ ਐਨੀਆਂ ਸੀਟਾਂ ਆ ਰਹੀਆਂ ਹਨ ਕਿ ਉਨ੍ਹਾਂ ਤੋਂ ਬਗੈਰ ਸੂਬੇ ਵਿੱਚ ਸਰਕਾਰ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਿਜਲੀ ਦੇ ਬਿੱਲ ਨੂੰ ਸਿਫ਼ਰ ਤੱਕ ਘਟਾ ਸਕਦੀ ਹੈ। ਅੱਜ ਪੂਰੇ ਦੇਸ਼ ਵਿੱਚ ਸਿਰਫ਼ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲਦੀ ਹੈ, ਜਦੋਂ ਕਿ ਭਾਜਪਾ ਸ਼ਾਸਿਤ ਸਾਰੇ ਰਾਜਾਂ ਵਿੱਚ ਸਭ ਤੋਂ ਮਹਿੰਗੀ ਬਿਜਲੀ ਮਿਲਦੀ ਹੈ। ਇਸ ਮੌਕੇ ਪਾਰਟੀ ਦੇ ਹਰਿਆਣਾ ਪ੍ਰਦੇਸ਼ ਪ੍ਰਧਾਨ ਡਾ. ਸੁਸ਼ੀਲ ਗੁਪਤਾ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਕੇਂਦਰ, ਹਰਿਆਣਾ ਸਰਕਾਰ ਅਤੇ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬਾਦਸ਼ਾਹਪੁਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਣੀ ਹੋਈ ਹੈ ਅਤੇ ਸੜਕਾਂ ਟੁੱਟੀਆਂ ਹੋਈਆਂ ਹਨ।