ਡੀਸੀ ਵੱਲੋਂ ਜੂਨੀਅਰ ਸਾਈਕਲੋਥਨ 2023 ਸਬੰਧੀ ਟੀ-ਸ਼ਰਟ ਜਾਰੀ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 20 ਅਗਸਤ
ਫਿੱਟ ਬਾਈਕਰ ਕਲੱਬ ਵਲੋਂ ਪਹਿਲੀ ਸਚਦੇਵਾ ਸਟਾਕਸ ਹੁਸ਼ਿਆਰਪੁਰ ਜੂਨੀਅਰ ਸਾਈਕਲੋਥਨ 2023 ਜੋ ਪਹਿਲੀ ਅਕਤੂਬਰ ਨੂੰ ਕਰਵਾਈ ਜਾ ਰਹੀ ਹੈ, ਦੀਆਂ ਤਿਆਰੀਆਂ ਸਬੰਧੀ ਅੱਜ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਕਲੱਬ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਾਈਕਲੋਥਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਟੀ-ਸ਼ਰਟ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਸਾਈਕਲੋਥਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਚਦੇਵਾ ਨੇ ਦੱਸਿਆ ਕਿ ਇਸ ਸਾਈਕਲੋਥਨ ਵਿਚ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਵਿਦਿਅਕ ਅਦਾਰਿਆਂ ਦੇ ਤਿੰਨ ਹਜ਼ਾਰ ਤੋਂ ਵੱਧ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ 100 ਵਲੰਟੀਅਰਾਂ ਵਲੋਂ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਿੰਨ ਕਿਲੋਮੀਟਰ ਲੰਬੀ ਸਾਈਕਲੋਥਨ ਵਿਚ 10 ਸਾਲ ਦੀ ਉਮਰ ਤੋਂ ਘੱਟ ਵਾਲੇ ਵਿਦਿਆਰਥੀ ਹਿੱਸਾ ਲੈ ਸਕਣਗੇ ਜਦੋਂਕਿ ਇਸ ਤੋਂ ਵੱਧ ਉਮਰ ਵਾਲੇ ਨੌਜਵਾਨ 15 ਕਿਲੋਮੀਟਰ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਦੌੜ ਸਚਦੇਵਾ ਸਟਾਕਸ ਦੇ ਮੁੱਖ ਦਫ਼ਤਰ ਤੋਂ ਸ਼ੁਰੂ ਹੋਵੇਗੀ ਤੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ’ਚੋਂ ਹੁੰਦੀ ਹੋਈ ਨਿਕਲੇਗੀ। ਇਸ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ। ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਟੀ-ਸ਼ਰਟ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।