ਸਿੱਖਿਆ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 6 ਤੋਂ ਕਲਮ ਛੋੜ ਹੜਤਾਲ
ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 30 ਜੂਨ
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ 6 ਜੁਲਾਈ ਤੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਜਨਕ ਸਿੰਘ,ਸਰਬਜੀਤ ਸਿੰਘ ਅਤੇ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 9 ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਜੋ ਪ੍ਰਚਾਰ ਕਰ ਰਹੀ ਹੈ,ਉਹ ਸ਼ਰ੍ਹੇਆਮ ਕੱਚੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਬਿਨਾਂ ਪੇਅ ਸਕੇਲ, ਸੀਐੱਸਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ’ਤੇ ਝੂਠ ਬੋਲ ਕੇ ਗੁੰਮਰਾਹ ਕਰ ਰਹੀ ਹੈ। ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ ਪੰਜ ਹਜ਼ਾਰ ਰੁਪਏ ਮਹੀਨਾ ਤਨਖਾਹ ਕਟੌਤੀ ਕੀਤੀ ਜਾ ਰਹੀ ਹੈ। ਆਗੂਆਂ ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ,ਜਿਸ ਸਬੰਧੀ ਸਪੱਸ਼ਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇਅ ਸਕੇਲ ਭੱਤੇ, ਸੀਐੱਸਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ। ਪਰ 9 ਮਹੀਨਿਆਂ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ,ਉਹ ਹਰ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ। ਆਗੂਆਂ ਨੇ ਸਵਾਲ ਕੀਤਾ ਕਿ ਬਿਨਾਂ ਪੇਅ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ।