ਕੱਚੇ ਦਫ਼ਤਰੀ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਕਲਮਛੋੜ ਹੜਤਾਲ ਸ਼ੁਰੂ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਜੁਲਾਈ
ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਤੇ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਅੱਜ ਤੋਂ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਕਰੀਬ 10 ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਚਾਰ ਕਰਦੀ ਆ ਰਹੀ ਹੈ, ਜਦੋਂਕਿ ਅਜਿਹਾ ਕੁਝ ਵੀ ਨਹੀਂ ਹੋਇਆ। ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਮਿਤ ਸੈਣੀ ਨੇ ਕਿਹਾ ਕਿ ਮਾਨ ਸਰਕਾਰ ਵੀ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਦੀ ਤਰਜ਼ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਦੀ ਤਨਖਾਹ ’ਚੋਂ 5 ਹਜ਼ਾਰ ਰੁਪਏ ਕੱਟਿਆ ਜਾ ਰਿਹਾ ਹੈ ਅਤੇ ਮਿੱਡ-ਡੇਅ ਮੀਲ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਮੁਲਾਜ਼ਮਾਂ ਵਾਂਗ ਪੇਅ ਸਕੇਲ ਤੇ ਪੈਨਸ਼ਨੀ ਲਾਭ ਮਿਲਣਗੇ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਦੱਸਿਆ ਕਿ ਕੁਝ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ ਕੀਤਾ ਗਿਆ ਹੈ ਪਰ ਇਨ੍ਹਾਂ ਵਿਚ ਦਫ਼ਤਰੀ ਕਰਮਚਾਰੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿੱਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸਮਗਰਾ ਸਿੱਖਿਆ ਅਭਿਆਨ ਨਾਲ ਸਬੰਧਤ ਦਫਤਰੀ ਮੁਲਾਜ਼ਮਾਂ ਨੇ ਅੱਜ ਤੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ‘ਕਲਮ ਛੋੜ ਹੜਤਾਲ’ ਦੇ ਪਹਿਲੇ ਦਿਨ ਦਫਤਰੀ ਕੰਮ ਠੱਪ ਕਰ ਕੇ ਸਰਕਾਰ ਖਿਲਾਫ਼ ਧਰਨੇ ਦਿੱਤੇ| ਇਸ ਨਾਲ ਸਿੱਖਿਆ ਵਿਭਾਗ ਦਾ ਕੰਮ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ| ਜਥੇਬੰਦੀ ਦੇ ਆਗੂ ਮਨਦੀਪ, ਅਮਿਤ ਸ਼ਰਮਾ ਅਤੇ ਵਰਿੰਦਰ ਕੁਮਾਰੀ ਨੇ ਦੱਸਿਆ ਕਿ ਹੜਤਾਲ ਵਿੱਚ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਦਫਤਰਾਂ ਦੇ ਕਰਮਚਾਰੀ, ਆਈਈਆਰਟੀ ਅਧਿਆਪਕ ਵੀ ਸ਼ਾਮਲ ਹਨ|
ਅਜਨਾਲਾ (ਪੱਤਰ ਪ੍ਰੇਰਕ): ਬਲਾਕ ਸਿੱਖਿਆ ਦਫਤਰ ਅਜਨਾਲਾ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਅਤੇ ਆਈਈਆਰਟੀ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਹੋਣ ਤੱਕ ਅੱਜ ਤੋਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਤਨਵੀਰ ਸਿੰਘ ਭੂਈ ਨੇ ਕਿਹਾ ਕਿ ਪਿਛਲੇ 10 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਪੰਜਾਬ ਸਰਕਾਰ ਪੂਰਾ ਪ੍ਰਚਾਰ ਕਰ ਰਹੀ ਹੈ ਪਰ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਧੋਖਾ ਕੀਤਾ ਜਾ ਰਿਹਾ ਹੈ।
ਮਾਸਟਰ ਕਾਡਰ ਯੂਨੀਅਨ ਵੱਲੋਂ ਕੱਚੇ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ
ਪਠਾਨਕੋਟ (ਪੱਤਰ ਪ੍ਰੇਰਕ): ਮਾਸਟਰ ਕਾਡਰ ਯੂਨੀਅਨ ਨੇ ਸਰਵ ਸਿੱਖਿਆ ਅਭਿਆਨ ਅਤੇ ਮਿੱੱਡ-ਡੇਅ ਮੀਲ ਦਫਤਰੀ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਸਰਕਾਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਅਤੇ ਜਨਰਲ ਸਕੱਤਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਇਹ ਮੁਲਾਜ਼ਮ ਲੰਬੇ ਸਮੇਂ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ ਅਤੇ ਨਿਗੁਣੀ ਤਨਖਾਹ ’ਤੇ ਸੇਵਾ ਨਿਭਾ ਰਹੇ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ, ਜਿਸ ਦੀ ਯੂਨੀਅਨ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।