ਕੰਗ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਰਾਜਪਾਲ ਦਾ ਦਖ਼ਲ ਮੰਗਿਆ
ਪੱਤਰ ਪ੍ਰੇਰਕ
ਕੁਰਾਲੀ, 25 ਅਕਤੂਬਰ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਵਿੱਚ ਝੋਨੇ ਦੀ ਫਸਲ ਖਰੀਦਣ, ਲਿਫਟਿੰਗ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਮੰਡੀਆਂ ਵਿੱਚ ਰੁਲ਼ ਰਹੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਸ੍ਰੀ ਕੰਗ ਨੇ ਰਾਜਪਾਲ ਤੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਹੈ। ਰਾਜਪਾਲ ਨੂੰ ਲਿਖੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਕੰਗ ਨੇ ਦੱਸਿਆ ਕਿ ਕਿਸਾਨਾਂ ਦੇ ਪੱਖ ਵਿੱਚ ਡਟਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਸਮੇਂ ਝੋਨਾ ਮੰਡੀਆਂ ਵਿੱਚ ਬੁਰੀ ਤਰ੍ਹਾਂ ਰੁਲ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਮਾੜਾ ਹਾਲ ਹੋਣ ਕਾਰਨ ਫਸਲ ਮੰਡੀਆਂ ਵਿੱਚ ਲਾਹੁਣ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਰ ਕੇ ਖ਼ਰੀਦ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਦੀ ‘ਆਪ’ ਸਰਕਾਰ ਵਲੋਂ ਅਪਣਾਈ ਨੀਤੀ ਕਾਰਨ ਹੀ ਕੇਂਦਰ ਵੀ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸ੍ਰੀ ਕੰਗ ਨੇ ਪੰਜਾਬ ਦੇ ਰਾਜਪਾਲ ਤੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਕੇਂਦਰ ਤੋਂ ਹੱਲ ਕਰਵਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।