ਸੂਬੇ ਦੇ ਮਾਹੌਲ ਨੂੰ ਖਰਾਬ ਕਰ ਰਹੀ ਹੈ ਕੰਗਨਾ ਰਣੌਤ: ਚਾਵਲਾ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 24 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵਲੋਂ 1984 ਦੇ ਸ੍ਰੀ ਦਰਬਾਰ ਸਾਹਿਬ ’ਤੇ ਫ਼ੌਜੀ ਹਮਲੇ ਸਬੰਧੀ ਬਣਾਈ ਗਈ ਫ਼ਿਲਮ ’ਤੇ ਸਖ਼ਤ ਇਤਰਾਜ਼ ਕਰਦਿਆਂ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਸ ਫਿਲਮ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਕੰਮ ਇਕੱਲਾ ਕੰਗਨਾ ਰਣੌਤ ਦਾ ਨਹੀਂ ਹੈ ਸਗੋਂ ਇਸ ਵਿਚ ਭਾਰਤੀ ਜਨਤਾ ਪਾਰਟੀ ਦੀ ਡੂੰਘੀ ਸਾਜ਼ਿਸ਼ ਨਜ਼ਰ ਆ ਰਹੀ ਹੈ। ਸ੍ਰੀ ਚਾਵਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਘੱਟ ਗਿਣਤੀਆਂ ਖਿਲਾਫ ਇਕ ਲੁਕਵੇਂ ਏਜੰਡਾ ਤਹਿਤ ਕੰਮ ਰਹੀ ਹੈ ਤੇ ਭਾਰਤੀ ਜਨਤਾ ਪਾਰਟੀ ਆਪਣੇ ਸਿਆਸੀ ਮਕਸਦ ਨੂੰ ਪੂਰਾ ਕਰਨ ਲਈ ਗਲਤ ਹੱਥਕੰਡੇ ਵਰਤਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕੰਗਨਾ ਵੱਲੋਂ ਤਿਆਰ ਕੀਤੀ ਗਈ ਫ਼ਿਲਮ ’ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਾਂਗਰਸ ਨੇ 1984 ਵਿੱਚ ਇੱਕ ਸਾਜ਼ਿਸ਼ ਤਹਿਤ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ ਤੇ ਹੁਣ ਭਾਜਪਾ ਵੱਲੋਂ ਕੀਤੇ ਜਾ ਰਹੇ ਕੰਮ ਇਹ ਸਾਬਿਤ ਕਰਦੇ ਹਨ ਕਿ ਦੋਵੇਂ ਕੇਂਦਰੀ ਪਾਰਟੀਆਂ ਇੱਕੋ ਥੈਲੀ ਦੇ ਚੱਟ ਵੱਟੇ ਹਨ ਅਤੇ ਪੰਜਾਬ ਵਿਰੋਧੀ ਹਨ। ਦੱਸਣਾ ਬਣਦਾ ਹੈ ਕਿ ਸੂਬੇ ਵਿਚ ਕੰਗਨਾ ਖ਼ਿਲਾਫ ਰੋਸ ਵਧਦਾ ਜਾ ਰਿਹਾ ਹੈ। ਕੰਗਨਾ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੀ ਰੋਸ ਜਤਾ ਰਹੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਕਰ ਚੁੱਕੇ ਹਨ।