ਹਰਿਆਣਾ ’ਚ ਕੰਗਨਾ ਰਣੌਤ ਦੇ ਬਿਆਨਾਂ ਨੇ ਭਾਜਪਾ ਦੀਆਂ ਮੁਸ਼ਕਲਾਂ ਵਧਾਈਆਂ
ਆਤਿਸ਼ ਗੁਪਤਾ
ਚੰਡੀਗੜ੍ਹ, 25 ਸਤੰਬਰ
ਸੰਯੁਕਤ ਕਿਸਾਨ ਮੋਰਚਾ ਸਣੇ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਫਿਲਮੀ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਤਿੰਨ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੇ ਹਰਿਆਣਾ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਭਾਵੇਂ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਤੋਂ ਅੱਜ ਯੂ-ਟਰਨ ਲੈ ਲਿਆ ਹੈ, ਇਸ ਦੇ ਬਾਵਜੂਦ ਕਿਸਾਨਾਂ ਤੇ ਸਮਾਜ ਦੇ ਵੱਖ-ਵੱਖ ਵਰਗ ਦੇ ਲੋਕਾਂ ਦਾ ਗੁੱਸਾ ਘਟਣ ਦਾ ਨਾਮ ਨਹੀਂ ਲੈ ਰਿਹਾ। ਕਿਸਾਨਾਂ ਦਾ ਭਾਜਪਾ ਪ੍ਰਤੀ ਲਗਾਤਾਰ ਵੱਧ ਰਿਹਾ ਗੁੱਸਾ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਘਾਤਕ ਸਾਬਤ ਹੋ ਸਕਦਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਥਾਂ-ਥਾਂ ’ਤੇ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਸੂਬੇ ’ਚ ਭਾਜਪਾ ਨੂੰ ਹਰਾਉਣ ਲਈ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਉਮੀਦਵਾਰ ਨੂੰ ਛੱਡ ਕੇ ਜਿੱਤ ਦੇ ਯੋਗ ਹੋਰਨਾਂ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵਿੱਚ ਅਗਲੇ 10 ਦਿਨ 5 ਅਕਤੂਬਰ ਤੱਕ ਸੂਬੇ ਭਰ ਵਿੱਚ ਵੱਡੇ ਇਕੱਠ ਕਰਕੇ ਭਾਜਪਾ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ‘ਭਾਜਪਾ ਨੂੰ 5 ਅਕਤੂਬਰ ਨੂੰ ਵੋਟ ਦੀ ਚੋਟ ਨਾਲ ਹਰਾਉਣ’ ਦਾ ਨਾਅਰਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕਾਂਗਰਸ ਉਮੀਦਵਾਰਾਂ ਤੋਂ ਵੀ ਸੱਤਾ ਵਿੱਚ ਆਉਣ ’ਤੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਖੋਲ੍ਹਣ ਬਾਰੇ ਸਵਾਲ ਪੁੱਛੇ ਜਾ ਰਹੇ ਹਨ। ਹਰਿਆਣਾ ਦੇ ਨੌਜਵਾਨ ਕਿਸਾਨ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਭਾਜਪਾ ਵੱਲੋਂ ਸ਼ੁਰੂ ਤੋਂ ਕਿਸਾਨਾਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਇਸੇ ਕਰਕੇ ਭਾਜਪਾ ਨੇ ਖੇਤੀ ’ਤੇ ਕਾਰਪੋਰੇਟਾਂ ਦਾ ਕਬਜ਼ਾ ਕਰਵਾਉਣ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ, ਪਰ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਹਾਰ ਹੁੰਦੀ ਦੇਖ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣੇ ਪਏ। ਹੁਣ ਮੁੜ ਭਾਜਪਾ ਨੇ ਸੰਸਦ ਮੈਂਬਰ ਕੰਗਨਾ ਰਣੌਤ ਰਾਹੀਂ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਿਆਉਣ ਵੱਲ ਇਸ਼ਾਰਾ ਕਰ ਦਿੱਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਭਾਜਪਾ ਮੁੜ ਤੋਂ ਕਿਸਾਨਾਂ ਦੇ ਵਿਰੁੱਧ ਕੋਈ ਰਣਨੀਤੀ ਘੜ ਰਹੀ ਹੈ।
‘ਭਾਜਪਾ ਨੂੰ ਕੰਗਨਾ ਰਣੌਤ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦੈ’
ਹਰਿਆਣਾ ਦੇ ਨੌਜਵਾਨ ਕਿਸਾਨ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਕੰਗਨਾ ਰਣੌਤ ਭਾਜਪਾ ਦੇ ਇਸ਼ਾਰੇ ’ਤੇ ਅਜਿਹੇ ਬਿਆਨ ਦੇਣ ਲੱਗੀ ਹੋਈ ਹੈ, ਜੇ ਭਾਜਪਾ ਦਾ ਕੰਗਨਾ ਰਣੌਤ ਦੇ ਬਿਆਨਾਂ ਨਾਲ ਕੋਈ ਸੰਬਧ ਨਹੀਂ ਹੈ ਤਾਂ ਭਾਜਪਾ ਨੂੰ ਉਸ ਨੂੰ ਪਾਰਟੀ ਤੋਂ ਬਾਹਰ ਕੱਢ ਕੇ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਦੀ ਚੁੱਪੀ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਕੰਗਨਾ ਰਣੌਤ ਦੇ ਬਿਆਨਾਂ ਨਾਲ ਸਹਿਮਤ ਹੈ। ਇਸ ਲਈ ਹਰਿਆਣਾ ਦਾ ਕਿਸਾਨ ਅਤੇ ਲੋਕ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾ ਕੇ ਰਹਿਣਗੇ।