ਵਿਰਾਸਤੀ ਮੇਲੇ ’ਚ ਕੰਵਰ ਗਰੇਵਾਲ ਨੇ ਲਾਈਆਂ ਰੌਣਕਾਂ
ਜਸਬੀਰ ਸਿੰਘ ਚਾਨਾ
ਕਪੂਰਥਲਾ, 22 ਮਾਰਚ
ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਵਿਰਾਸਤੀ ਮੇਲਾ-2025 ਦੇ ਦੂਜੇ ਦਿਨ ਅੱਜ ਪੰਜਾਬ ਦੇ ਪ੍ਰਸਿੱਧ ਗਾਇਕ ਕੰਵਰ ਗਰੇਵਾਲ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਵਿਰਾਸਤੀ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਜਾ ਰਿਹਾ ਹੈ ਇਹ ਚਾਰ ਦਿਨਾਂ ਦਾ ਵਿਰਾਸਤੀ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣ ਵਿੱਚ ਸਹਾਈ ਹੋਵੇਗਾ।
ਇਸ ਤੋਂ ਪਹਿਲਾਂ ਜੀਐੱਨਏ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਲੋਕਗੀਤ, ਕਵਿਤਾ, ਮਮਿੱਕਰੀ, ਲੋਕਸਾਜ਼ ਤੇ ਭੰਗੜਾ, ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਪੰਜਾਬੀ ਲੋਕ ਨਾਚ ਤੇ ਸੰਮੀ, ਈਟੀਟੀ ਅਧਿਆਪਕ ਵੱਲੋਂ ਗੀਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ (ਬੋਲਣ ਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਵੱਲੋਂ ਲੋਕਨਾਚ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਜਾਬੀ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ ਗਈ।
ਮੇਲੇ ਦੌਰਾਨ ਬਣਾਏ ਗਏ ਵੱਖ-ਵੱਖ ਸੈਲਫੀ ਪੁਆਇੰਟ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਵਿਸ਼ਾਲ ਵਾਟਸ ਪੀਸੀਐੱਸ ਅੰਡਰ ਟਰੇਨਿੰਗ, ਆਮ ਆਦਮੀ ਪਾਰਟੀ ਦੇ ਆਗੂ ਤੇ ਸਾਇੰਸ ਤਕਨਾਲੋਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ, ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ, ਐੱਸਡੀਐੱਮ ਮੇਜਰ ਇਰਵਿਨ ਕੌਰ ਤੇ ਹੋਰ ਹਾਜ਼ਰ ਸਨ।