ਕਰਮਜੀਤ ਸਿੰਘ ਨੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਦਸੰਬਰ
ਅਕਾਦਮਿਕ ਮਾਹਿਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਅੱਜ ਰਸਮੀ ਤੌਰ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ.ਐਸ. ਕਾਹਲੋਂ, ਰਜਿਸਟਰਾਰ, ਪ੍ਰੋ, ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ, ਪ੍ਰੋ. ਸਰਬਜਿੰਦਰ ਸਿੰਘ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪ੍ਰੋ. ਕਰਮਜੀਤ ਸਿੰਘ ਨੇ ਸ਼ੁਕਰਾਨਾ ਕਰਦਿਆਂ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤਕ ਪਹੁੰਚਾਉਣ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਤੇ ਵਪਾਰ ਯੋਗ ਬਣਾਉਣ ਵਰਗੀਆਂ ਹੋਰ ਪਹਿਲਕਦਮੀਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਕੈਂਪਸ ਪਹੁੰਚਣ ’ਤੇ ਯੂਨੀਵਰਸਿਟੀ ਭਾਈਚਾਰੇ ਵੱਲੋਂ ਪ੍ਰੋ. ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਵਿਚ ਪ੍ਰੋ. ਕਰਮਜੀਤ ਸਿੰਘ ਨੇ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਬਣੀ ਇਸ ਮਹਾਨ ਯੂਨੀਵਰਸਿਟੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਯੂਨੀਵਰਸਿਟੀ ਦੀ ਅਮੀਰ ਵਿਰਾਸਤ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਾਂ ਪਹਿਲਾਂ ਹੀ ਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾ ਵਿਚੋਂ ਇਕ ਹੈ ਅਤੇ ਉਨ੍ਹਾਂ ਦੀ ਪਹਿਲਕਦਮੀਆਂ ਵਿੱਚ ਪਹਿਲੇ ਨੰਬਰ ’ਤੇ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ’ਤੇ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸਥਾਪਿਤ ਕਰਨਾ ਹੋਵੇਗਾ।