ਕਰਤਰਪੁਰ: ਸੂਬੇ ਦੀਆਂ ਮੰਡੀਆਂ ’ਚ ਪੁੱਜੇ 61 ਲੱਖ ਟਨ ਝੋਨੇ ਵਿਚੋਂ 60 ਲੱਖ ਟਨ ਦੀ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ: ਮੰਤਰੀ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 26 ਅਕਤੂਬਰ
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕਰਕੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਚਨਬੱਧ ਹੈ ਤੇ ਹੁਣ ਤੱਕ ਦਸ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਥੇ ਦਾਣਾ ਮੰਡੀ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ 61 ਲੱਖ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 60 ਲੱਖ ਟਨ ਝੋਨੇ ਦੀ ਖ਼ਰੀਦ ਕਰਨ ਦੇ ਨਾਲ-ਨਾਲ 10000 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਸਮੇਂ ਸਿਰ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਸਾਲ 182 ਲੱਖ ਟਨ ਝੋਨੇ ਦੀ ਖ਼ਰੀਦ ਕਰਨ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਅਤੇ ਅਦਾਇਗੀ ਲੈਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ। ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ। ਉਨ੍ਹਾਂ ਇਸ ਮੌਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।