ਕਟਾਰੂਚੱਕ ਵੱਲੋਂ ਗੁਰਪਤਵੰਤ ਪੰਨੂ ਨੂੰ ਸਬਕ ਸਿਖਾਉਣ ਦੀ ਚਿਤਾਵਨੀ
ਐਨ ਪੀ ਧਵਨ
ਪਠਾਨਕੋਟ, 12 ਅਪਰੈਲ
ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ’ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਨੂ ਅਕਸਰ ਵਿਦੇਸ਼ੀ ਧਰਤੀ ਤੋਂ ਦੇਸ਼ ਨੂੰ ਚੁਣੌਤੀ ਦੇਣ ਵਾਲੇ ਬਿਆਨ ਦਿੰਦਾ ਹੈ। ਉਸ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਮੌਕੇ ਚੇਅਰਮੈਨ ਵਿਭੂਤੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਗੁਰਪਤਵੰਤ ਸਿੰਘ ਪੰਨੂ ਹਮੇਸ਼ਾ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਠੇਸ ਪਹੁੰਚਾਉਣ ਵਾਲੇ ਬਿਆਨ ਦਿੰਦਾ ਆ ਰਿਹਾ ਹੈ। ਇਸ ਵਾਰ ਉਸ ਨੇ ਬਾਬਾ ਸਾਹਿਬ ਬਾਰੇ ਅਪਮਾਨਜਨਕ ਟਿੱਪਣੀਆਂ ਕਰਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੀ ਜੈਅੰਤੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧੂਮਧਾਮ ਨਾਲ ਮਨਾਉਣਗੇ ਅਤੇ ਸੂਬੇ ਭਰ ਵਿੱਚ ਸਥਾਪਤ ਉਨ੍ਹਾਂ ਦੇ ਸਾਰੇ ਬੁੱਤਾਂ ਦੀ ਰੱਖਿਆ ਕਰਨਗੇ।