Kathua killings: ਕੇਂਦਰੀ ਮੰਤਰੀ ਵੱਲੋਂ ਅਤਿਵਾਦ ਦੇ ਪਹਿਲੂ ਵੱਲ ਇਸ਼ਾਰਾ
ਮੰਤਰੀ ਨੇ ਕਿਹਾ ਕਿ ਇਹ ਹੱਤਿਆਵਾਂ ਕਾਫ਼ੀ ਚਿੰਤਾ ਦਾ ਵਿਸ਼ਾ ਹਨ। ਊਧਮਪੁਰ ਸੰਸਦੀ ਹਲਕੇ ਤੋਂ ਨੁਮਾਇੰਦਗੀ ਕਰ ਰਹੇ ਮੰਤਰੀ ਨੇ ‘ਐਕਸ’ ’ਤੇ ਕਿਹਾ, ‘‘ਕਠੂਆ ਜ਼ਿਲ੍ਹੇ ਦੇ ਬਾਨੀ ਇਲਾਕੇ ਵਿੱਚ ਅਤਿਵਾਦੀਆਂ ਵੱਲੋਂ ਤਿੰਨ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਬਹੁਤ ਮੰਦਭਾਗੀ ਅਤੇ ਚਿੰਤਾਜਨਕ ਹੈ। ਇੱਕ ਸ਼ਾਂਤੀਪੂਰਨ ਇਲਾਕੇ ਵਿੱਚ ਮਾਹੌਲ ਖ਼ਰਾਬ ਕਰਨ ਪਿੱਛੇ ਕੋਈ ਡੂੰਘੀ ਸਾਜ਼ਿਸ਼ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ, ‘‘ਅਸੀਂ ਇਸ ਮਾਮਲੇ ਬਾਰੇ ਸਬੰਧਤ ਅਧਿਕਾਰੀਆਂ ਨਾਲ ਚਰਚਾ ਕੀਤੀ ਹੈ। ਕੇਂਦਰੀ ਗ੍ਰਹਿ ਸਕੱਤਰ ਖੁਦ ਜੰਮੂ ਪਹੁੰਚ ਰਹੇ ਹਨ ਤਾਂ ਜੋ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਅਤੇ ਲੋਕਾਂ ਦਾ ਵਿਸ਼ਵਾਸ ਮਜ਼ਬੂਤ ਰਹੇ।’’
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਇੱਥੇ ਇੱਕ ਮੀਟਿੰਗ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰ ਰਹੇ ਹਨ।
ਜੰਮੂ ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਹੱਤਿਆਵਾਂ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, ‘‘ਵਧ ਰਹੇ ਅਪਰਾਧ ਚਿੰਤਾ ਦਾ ਵਿਸ਼ਾ ਹਨ।’’ -ਪੀਟੀਆਈ
ਉਪ ਰਾਜਪਾਲ ਵੱਲੋਂ ਪਾਰਦਰਸ਼ੀ ਜਾਂਚ ਦੇ ਹੁਕਮ; J&K LG orders thorough, transparent investigation into Kathua killings
ਜੰਮੂ: ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਠੂਆ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਦੇ ਤਿੰਨ ਜਣਿਆਂ ਦੀ ਹੱਤਿਆ ਦੇ ਮਾਮਲੇ ’ਚ ਅੱਜ ਪਾਰਦਰਸ਼ੀ ਜਾਂਚ ਦੇ ਹੁਕਮ ਦਿੱਤੇ ਹਨ। ਉਪ ਰਾਜਪਾਲ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਮੈਂ ਵਿਸਥਾਰਤ ਅਤੇ ਪਾਰਦਰਸ਼ੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।’’ ਉਨ੍ਹਾਂ ਕਿਹਾ ਕਿ, ‘‘ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਸ਼ੀਆਂ ਨੂੰ ਜਲਦੀ ਨਿਆਂਇਕ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਨਿਆਂ ਹੋਵੇਗਾ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।’’ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਪ੍ਰਤੀ ਹਮਦਰਦੀ ਪ੍ਰਗਟਾਈ। -ਪੀਟੀਆਈ