Kejriwal: ਅਡਾਨੀ ਸਮੂਹ ਨੇ ਦਿੱਲੀ ਦੇ ਬਿਜਲੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਕੇਜਰੀਵਾਲ ਨੇ ਉਨ੍ਹਾਂ ਨੂੰ ਰੋਕਿਆ: ‘ਆਪ’
ਨਵੀਂ ਦਿੱਲੀ, 21 ਨਵੰਬਰ
‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਅਡਾਨੀ ਸਮੂਹ ਨੇ ਦਿੱਲੀ ਦੇ ਬਿਜਲੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਵੇਲੇ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਉਨ੍ਹਾਂ ਗੌਤਮ ਅਡਾਨੀ ’ਤੇ ਅਮਰੀਕਾ ’ਚ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਵਿਚ ਉਦਯੋਗਪਤੀ ਦੀ ਜਵਾਬਦੇਹੀ ਦੀ ਲੋੜ ’ਤੇ ਜ਼ੋਰ ਦਿੱਤਾ। ਅਰਬਪਤੀ ਉਦਯੋਗਪਤੀ ’ਤੇ ਸੋਲਰ ਪਾਵਰ ਕੰਟਰੈਕਟਸ ਲਈ ਅਨੁਕੂਲ ਸ਼ਰਤਾਂ ਬਦਲੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ (ਲਗਪਗ 2,100 ਕਰੋੜ ਰੁਪਏ) ਤੋਂ ਵੱਧ ਦੀ ਰਿਸ਼ਵਤ ਦੇਣ ਦੀ ਯੋਜਨਾ ਦਾ ਹਿੱਸਾ ਬਣਨ ਦਾ ਦੋਸ਼ ਲਾਇਆ ਗਿਆ ਹੈ। ਅਮਰੀਕਾ ਦੇ ਸਰਕਾਰੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਇਹ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਛੁਪਾਇਆ ਗਿਆ ਸੀ, ਜਿਨ੍ਹਾਂ ਤੋਂ ਅਡਾਨੀ ਸਮੂਹ ਨੇ ਇਸ ਪ੍ਰੋਜੈਕਟ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ। ਦੂਜੇ ਪਾਸੇ ਅਡਾਨੀ ਸਮੂਹ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਮਰੀਕੀ ਵਕੀਲਾਂ ਦੇ ਦੋਸ਼ ਬੇਬੁਨਿਆਦ ਹਨ ਅਤੇ ਉਨ੍ਹਾਂ ਵਲੋਂ ਕਾਨੂੰਨੀ ਰੁਖ਼ ਕੀਤਾ ਜਾਵੇਗਾ।
ਸੰਜੈ ਸਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਅਡਾਨੀ ਗ੍ਰੀਨ ਐਨਰਜੀ ਨੇ ਗਲਤ ਢੰਗ ਤੇ ਤਰੀਕਿਆਂ ਨਾਲ ਗੁਜਰਾਤ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਬਿਜਲੀ ਸਪਲਾਈ ਦੇ ਠੇਕੇ ਹਾਸਲ ਕੀਤੇ ਹਨ। ਅਡਾਨੀ ਨੇ ਦਿੱਲੀ ਦੇ ਬਿਜਲੀ ਖੇਤਰ ਵਿਚ ਵੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਸਮੇਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਦਿੱਲੀ ਵਿਚ ਸੱਤਾ ਹਾਸਲ ਕਰਦੀ ਹੈ ਤਾਂ ਬਿਜਲੀ ਦੀਆਂ ਕੀਮਤਾਂ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਚੁੱਪ ਨਹੀਂ ਬੈਠਣਗੇ ਅਤੇ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਇਸ ਮਾਮਲੇ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਜਾਵੇਗਾ ਤੇ ਆਪ ਇਸ ਵਰਤਾਰੇ ਖ਼ਿਲਾਫ਼ ਸੰਘਰਸ਼ ਵੀ ਕਰੇਗੀ।