ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਦੇ ਗੁਨਾਹਗਾਰ: ਸੁਖਬੀਰ ਬਾਦਲ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 11 ਮਾਰਚ
ਇੱਥੇ ‘ਪੰਜਾਬ ਬਚਾਓ ਯਾਤਰਾ’ ਦੌਰਾਨ ਗਿੱਦੜਬਾਹਾ ਤੋਂ ਮੁਕਤਸਰ ਤੱਕ ਮਾਰਚ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨੇ ਸੇਧੇ। ਸ੍ਰੀ ਬਾਦਲ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਗੁਨਾਹਗਾਰ ਦਸਦਿਆਂ ਦਾਅਵਾ ਕੀਤਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਅਕਾਲੀ ਦਲ ਦੀ ਝੋਲੀ ਪੈਣਗੀਆਂ| ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਕੰਮਾਂ ਦੀ ਵੀ ਚਰਚਾ ਕੀਤੀ| ਇਸ ਮੌਕੇ ਵੱਡੀ ਗਿਣਤੀ ’ਚ ਟਰੈਕਟਰ, ਕਾਰਾਂ ਤੇ ਮੋਟਰਸਾਈਕਲ ਕਾਫਲੇ ਵਿੱਚ ਸ਼ਾਮਲ ਹੋਏ| ਇਸ ਦੌਰਾਨ ਪੁਲੀਸ ਨੂੰ ਆਵਾਜਾਈ ਨੂੰ ਕੰਟਰੋਲ ਕਰਨ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਗਿੱਦੜਬਾਹਾ ਹਲਕੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਮੁਕਤਸਰ ਹਲਕੇ ਵਿੱਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਾਫਲੇ ਦੀ ਅਗਵਾਈ ਕੀਤੀ| ਇਸ ਦੌਰਾਨ ਦੋਦਾ ਤੇ ਹੋਰ ਪਿੰਡਾਂ ਵਿੱਚ ਵੀ ਕਾਫਲੇ ਦਾ ਸਵਾਗਤ ਕੀਤਾ ਗਿਆ|
ਹਰਸਿਮਰਤ ਬਾਦਲ ਵੱਲੋਂ ਸਿਆਸੀ ਸਰਗਰਮੀਆਂ ਸ਼ੁਰੂ
ਮਾਨਸਾ (ਜੋਗਿੰਦਰ ਸਿੰਘ ਮਾਨ): ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਇਲਾਕੇ ਦੇ ਪਿੰਡਾਂ ਵਿੱਚ ਵਿੱਢੀਆਂ ਰਾਜਸੀ ਮੀਟਿੰਗਾਂ ਸਮੇਤ ਹੋਰ ਸਰਗਰਮੀਆਂ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਸਿਆਸੀ ਹਲਕਿਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਕੇਤਕ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਵੀ ਬਠਿੰਡਾ ਲੋਕ ਸਭਾ ਹਲਕੇ ਦੇ ਅਨੇਕਾਂ ਖੇਤਰਾਂ ਵਿੱਚ ਵਿੱਢੀਆਂ ਗਤੀਵਿਧੀਆਂ ਤੋਂ ਜਾਪਦਾ ਹੈ ਕਿ ਉਨ੍ਹਾਂ ਵੱਲੋਂ ਵੀ ਚੋਣ ਲੜਨ ਦੀਆਂ ਤਿਆਰੀਆਂ ਆਰੰਭੀਆਂ ਜਾ ਚੁੱਕੀਆਂ ਹਨ। ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡਾਂ ਜਵਾਹਰਕੇ, ਖੋਖਰ ਖੁਰਦ, ਕਰਮਗੜ੍ਹ ਔਤਾਂਵਾਲੀ, ਮੂਸਾ, ਖੋਖਰ ਕਲਾਂ, ਰਮਦਿੱਤੇਵਾਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਮੌਜੂਦਾ ਹਲਾਤ ਵਿੱਚ ਤਕੜੇ ਹੋ ਕੇ ਪਾਰਟੀ ਲਈ ਕੰਮ ਕਰਨ ਦੇ ਸੰਦੇਸ਼ ਦਿੱਤੇ ਗਏ। ਹਰਸਿਮਰਤ ਕੌਰ ਬਾਦਲ ਲਗਾਤਾਰ ਤਿੰਨ ਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਚਲੇ ਆ ਰਹੇ ਹਨ। ਹੁਣ ਉਨ੍ਹਾਂ ਵੱਲੋਂ ਅਚਾਨਕ ਹੀ ਆਰੰਭੀਆਂ ਗਈਆਂ ਸਿਆਸੀ ਮੀਟਿੰਗਾਂ ਨੂੰ ਲੈਕੇ ਇਲਾਕੇ ਦੇ ਅਕਾਲੀ ਵਰਕਰ ਅਤੇ ਹੋਰ ਸਿਆਸੀ ਧਿਰਾਂ ਨਾਲ ਜੁੜੇ ਲੋਕਾਂ ਵੱਲੋਂ ਉਨ੍ਹਾਂ ਦੇ ਮੁੜ ਮੈਦਾਨ ’ਚ ਉਤਰਨ ਦੇ ਕਿਆਫ਼ੇ ਲਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮਾਨਸਾ ਦੇ ਜ਼ਿਲ੍ਹਾ ਇੰਚਾਰਜ ਪ੍ਰੇਮ ਅਰੋੜਾ ਨੇ ਦੱਸਿਆ ਕਿ ਬੇਸ਼ੱਕ ਅਜੇ ਤੱਕ ਲੋਕ ਸਭਾ ਚੋਣਾਂ ਦਾ ਐਲਾਨ ਨਹੀਂ ਹੋਇਆ ਅਤੇ ਨਾ ਹੀ ਪਾਰਟੀ ਵੱਲੋਂ ਉਮੀਦਵਾਰਾਂ ਬਾਰੇ ਕਿਸੇ ਵੀ ਤਰ੍ਹਾਂ ਦਾ ਕੋਈ ਐਲਾਨ ਕੀਤਾ ਗਿਆ ਹੈ ਪਰ ਫਿਰ ਵੀ ਮਾਨਸਾ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਪੱਕੇ ਪੈਰੀਂ ਕਰਨ ਲਈ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿੱਚ ਆਉਣ ਲਈ ਜ਼ਰੂਰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਬਾ ਬਾਦਲ ਦੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਬਣਨ ਨਾਲ ਇਲਾਕੇ ਵਿੱਚ ਬੇਹਦ ਵਿਕਾਸ ਹੋਇਆ ਹੈ।