ਕੇਜਰੀਵਾਲ ਵੱਲੋਂ 24 ਘੰਟੇ ਜਲ ਸਪਲਾਈ ਸ਼ੁਰੂ ਕਰਨ ਦਾ ਐਲਾਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਦਸੰਬਰ
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਇਕ ਤੋਂ ਬਾਅਦ ਇਕ ਐਲਾਨ ਕਰ ਰਹੇ ਹਨ। ਇਸੇ ਸਿਲਸਿਲੇ ਵਿੱਚ ਅੱਜ ਉਨ੍ਹਾਂ ਨੇ ਰਾਜਿੰਦਰ ਨਗਰ ਦੀ ਇੱਕ ਕਲੋਨੀ ਵਿੱਚ ਟੂਟੀ ਦਾ ਪਾਣੀ ਪੀ ਕੇ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ। ਕਲੋਨੀ ਦੇ ਪੰਜ ਸੌ ਘਰਾਂ ਨੂੰ ਇਸ ਦਾ ਲਾਭ ਹੋਵੇਗਾ। ਕੇਜਰੀਵਾਲ ਵੱਲੋਂ ਧੜਾ ਧੜ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਤੇ ਐਲਾਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਫਰਵਰੀ 2025 ਵਿੱਚ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਹੋਣ ਦੀ ਉਮੀਦ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜਲਦੀ ਹੀ ਪੂਰੀ ਦਿੱਲੀ ਵਿੱਚ 24 ਘੰਟੇ ਪਾਣੀ ਦੀ ਸਪਲਾਈ ਹੋਵੇਗੀ। ਉਨ੍ਹਾਂ ਇਸ ਪਾਣੀ ਦਾ ਪੂਰਾ ਪ੍ਰਬੰਧ ਕਰਨ ਦੀ ਆਪਣੀ ਯੋਜਨਾ ਵੀ ਦੱਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੋ ਕਹਿੰਦੇ ਹਨ, ਉਹੀ ਕਰਦੇ ਹਨ, ਉਹ ਬਿਆਨਬਾਜ਼ੀ ਜਾਂ ਝੂਠੇ ਵਾਅਦੇ ਨਹੀਂ ਕਰਦਾ। ਇਸ ਦੌਰਾਨ ਕੇਜਰੀਵਾਲ ਨਾਲ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੌਮੀ ਕਨਵੀਨਰ ਆਟੋ ਡਰਾਈਵਰਾਂ ਲਈ ਗਾਰੰਟੀ, ਵਿਦਿਆਰਥੀਆਂ ਲਈ ਵਜ਼ੀਫ਼ਾ, ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਬਾਰੇ ਐਲਾਨ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਜਨਤਾ ਨਾਲ ਜੁੜੀਆਂ ਦੋ ਵੱਡੀਆਂ ਯੋਜਨਾਵਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ।
ਮੁੱਖ ਮੰਤਰੀ ਆਤਿਸ਼ੀ ਦੇ ਨਾਲ ਸਭ ਤੋਂ ਪਹਿਲਾਂ ਪੂਰਬੀ ਕਿਦਵਈ ਨਗਰ ਪਹੁੰਚੇ ਕੇਜਰੀਵਾਲ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਇਸ ਮੌਕੇ ਮੁੱਖ ਮੰਤਰੀ ਆਤਿਸ਼ੀ ਨੇ ਪਾਰਟੀ ਦੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਲੌੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਮਾਲੀਵਾਲ ਵੱਲੋਂ ਦਿੱਲੀ ਸਰਕਾਰ ਦੀ ਆਲੋਚਨਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਸਵਾਤੀ ਮਾਲੀਵਾਲ ਨੇ ਐਕਸ ‘ਤੇ ਪੋਸਟ ਕਰਕੇ ਦਿੱਲੀ ਸਰਕਾਰ ਦੇ ਸਿਹਤ ਮਾਡਲ ਬਾਰੇ ਤਿੱਖੀਆਂ ਟਿੱਪਣੀਆਂ ਕੀਤੀਆਂ ਅਤੇ ਕਿਹਾ ਕਿ ਦਿੱਲੀ ਦੇ ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕ ਇਲਾਜ ਅਤੇ ਦਵਾਈ ਤੋਂ ਬਿਨਾਂ ਮਰ ਰਹੇ ਹਨ। ਜਾਅਲੀ ਗਾਰੰਟੀ ਕਾਰਡ ਵੰਡ ਕੇ ਜਨਤਾ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਦੋ ਹੋਰ ਸਰਕਾਰੀ ਹਸਪਤਾਲਾਂ ਦੀ ਹਾਲਤ ਦੇਖ ਕੇ ਆਈ ਹਾਂ। ਅੱਜ ਉਹ ਨਕਲੀ ਸਿਹਤ ਕ੍ਰਾਂਤੀ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਲਿਖਿਆ ਕਿ ਕੈਂਸਰ ਦੇ ਮਰੀਜ਼ ਕੜਾਕੇ ਦੀ ਠੰਢ ਵਿੱਚ ਸੜਕ ’ਤੇ ਤੜਫ ਰਹੇ ਹਨ, ਇਲਾਜ ਦਾ ਇੰਤਜ਼ਾਰ ਕਰ ਰਹੇ ਹਨ। ਘੰਟਿਆਂਬੱਧੀ ਕਤਾਰਾਂ ਲੱਗੀਆਂ ਹੋਈਆਂ ਹਨ, ਗੇਟ ਖੁੱਲ੍ਹਦੇ ਹੀ ਭਗਦੜ ਮਚ ਗਈ। ਜਦੋਂ ਅਸੀਂ ਕਾਊਂਟਰ ’ਤੇ ਪਹੁੰਚਦੇ ਹਾਂ ਤਾਂ ਸਾਨੂੰ ਪਤਾ ਲੱਗਦਾ ਹੈ ਕਿ ਹਸਪਤਾਲ ਵਿੱਚ ਇਕ-ਇਕ ਬੈੱਡ ’ਤੇ 3-4 ਮਰੀਜ਼ ਹਨ, ਜਿਨ੍ਹਾਂ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਕੋਈ ਦਵਾਈ ਨਹੀਂ ਹੈ, ਉਥੇ ਹੀ ਗੰਦਗੀ ਅਤੇ ਕਾਕਰੋਚ ਘੁੰਮ ਰਹੇ ਹਨ।।