Kejriwal High Court: ਆਬਕਾਰੀ ਨੀਤੀ: ਦਿੱਲੀ ਹਾਈਕੋਰਟ ਵੱਲੋਂ ਕੇਜਰੀਵਾਲ ਖ਼ਿਲਾਫ਼ ਮਾਮਲੇ ਦੀ ਸੁਣਵਾਈ ’ਤੇ ਰੋਕ ਲਾਉਣ ਤੋਂ ਇਨਕਾਰ
ਨਵੀਂ ਦਿੱਲੀ, 21 ਨਵੰਬਰ
ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ’ਤੇ ਆਬਕਾਰੀ ਨੀਤੀ ਵਿਚ ਬੇਨੇਮੀਆਂ ਦੇ ਦੋਸ਼ ਲਾਏ ਗਏ ਹਨ ਤੇ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਸ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਉਸ ’ਤੇ ਕੇੇਸ ਚਲਾਉਣ ਲਈ ਬਣਦੀ ਮਨਜ਼ੂਰੀ ਨਹੀਂ ਲਈ ਗਈ ਸੀ ਕਿਉਂ ਕਿ ਉਹ ਉਸ ਵੇਲੇ ਜਨਤਕ ਅਹੁਦੇ ’ਤੇ ਸੀ।
ਇਸ ਤੋਂ ਬਾਅਦ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਈਡੀ ਵੱਲੋਂ ਪੇਸ਼ ਹੁੰਦਿਆਂ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਕੇਸ ਚਲਾਉਣ ਲਈ ਮਨਜ਼ੂਰੀ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਇਸ ਸਬੰਧੀ ਹਲਫਨਾਮਾ ਦਾਇਰ ਕਰਨਗੇ।