ਕੇਜਰੀਵਾਲ ਨੇ ਮੁੱਖ ਸਕੱਤਰ ਖ਼ਿਲਾਫ਼ ਜਾਂਚ ਰਿਪੋਰਟ ਉਪ ਰਾਜਪਾਲ ਨੂੰ ਭੇਜੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਵਾਰਕਾ ਐਕਸਪ੍ਰੈਸਵੇਅ ਪ੍ਰਾਜੈਕਟ ਵਿੱਚ ਮੁੱਖ ਸਕੱਤਰ ਨਰੇਸ਼ ਕੁਮਾਰ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਵਜਿੀਲੈਂਸ ਮੰਤਰੀ ਆਤਿਸ਼ੀ ਦੀ ਜਾਂਚ ਰਿਪੋਰਟ ਉਪ ਰਾਜਪਾਲ ਵੀ.ਕੇ ਸਕਸੈਨਾ ਨੂੰ ਭੇਜ ਦਿੱਤੀ ਹੈ। ‘ਆਪ’ ਸੂਤਰਾਂ ਨੇ ਕਿਹਾ ਕਿ ਕੇਜਰੀਵਾਲ ਨੇ ਨਰੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ ਅਤੇ ਆਤਿਸ਼ੀ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਆਤਿਸ਼ੀ ਨੇ ਬੀਤੇ ਦਿਨੀਂ ਇਸ ਦੀ 670 ਪੰਨਿਆਂ ਦੀ ਜਾਂਚ ਰਿਪੋਰਟ ਕੇਜਰੀਵਾਲ ਨੂੰ ਸੌਂਪੀ ਸੀ। ਨਰੇਸ਼ ਕੁਮਾਰ ’ਤੇ ਆਪਣੇ ਪੁੱਤਰ ਨਾਲ ਸਬੰਧਤ ਇਕ ਕੰਪਨੀ ਨੂੰ 850 ਕਰੋੜ ਰੁਪਏ ਦਾ ਨਾਜਾਇਜ਼ ਫਾਇਦਾ ਪਹੁੰਚਾਉਣ ਦਾ ਦੋਸ਼ ਹੈ। ਵਧੀਕ ਮੁੱਖ ਸਕੱਤਰ/ਡਿਵੀਜ਼ਨਲ ਕਮਿਸ਼ਨਰ ਅਸ਼ਵਨੀ ਕੁਮਾਰ ਨੇ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਵਿੱਚ ਮੁੱਖ ਸਕੱਤਰ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ ਹਾਲਾਂਕਿ ਮੁੱਖ ਸਕੱਤਰ ਨੇ ਹਾਲੇ ਤੱਕ ਉਨ੍ਹਾਂ ’ਤੇ ਲਗਾਏ ਗਏ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਹੈ।