ਕੇਜਰੀਵਾਲ ਦਾ ਫ਼ੈਸਲਾ ਕ੍ਰਾਂਤੀਕਾਰੀ ਕਦਮ: ਮਾਨ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫ਼ੈਸਲੇ ਨੂੰ ‘ਕ੍ਰਾਂਤੀਕਾਰੀ’ ਦੱਸਿਆ ਅਤੇ ‘ਉਨ੍ਹਾਂ ਦੀ ਇਮਾਨਦਾਰੀ ਤੇ ਲੋਕਾਂ ਪ੍ਰਤੀ ਪ੍ਰਤੀਬੱਧਤਾ’ ਨੂੰ ਇਸ ਕਦਮ ਪਿਛਲਾ ਕਾਰਨ ਦੱਸਿਆ। ਭਗਵੰਤ ਮਾਨ ਨੇ ਐਕਸ ’ਤੇ ਕਿਹਾ, ‘ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਇਮਾਨਦਾਰ ਹਨ ਤਾਂ ਉਹ ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਵੋਟ ਪਾਉਣ। ਸਿਰਫ਼ ਇੱਕ ਇਮਾਨਦਾਰ ਤੇ ਲੋਕਪੱਖੀ ਸੋਚ ਰੱਖਣ ਵਾਲਾ ਆਗੂ ਹੀ ਅਜਿਹਾ ਕਹਿ ਸਕਦਾ ਹੈ।’ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਕੈਦ ਕਰਕੇ ‘ਆਪ’ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕੇਜਰੀਵਾਲ ਦੇ ਫ਼ੈਸਲੇ ਨੂੰ ਅਹਿਮ ਦੱਸਿਆ ਤੇ ਦਾਅਵਾ ਕੀਤਾ ਕਿ ਦੇਸ਼ ਨੂੰ ਪਤਾ ਹੈ ਕਿ ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਫਰਜ਼ੀ ਕੇਸ ਬਣਾਇਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 10 ਸਾਲਾਂ ’ਚ ਦਿੱਲੀ ਦਾ ਚਿਹਰਾ ਬਦਲ ਦਿੱਤਾ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਇਮਾਨਦਾਰ ਅਤੇ ਲੋਕਾਂ ਲਈ ਕੰਮ ਕਰਨ ਵਾਲੇ ਨੇਤਾ ਹਨ।