ਕੇਜਰੀਵਾਲ ਦਾ ਹਰਿਆਣਾ ਵਿੱਚ ਚੋਣ ਪ੍ਰਚਾਰ ਅੱਜ ਤੋਂ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਸਤੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਤੋਂ ਹਰਿਆਣਾ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅੱਜ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਪਹਿਲੀ ਵਾਰ ਪੂਰੀ ਤਾਕਤ ਨਾਲ ਚੋਣਾਂ ਲੜ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਾਜਪਾ ਦੀ ਸਾਜ਼ਿਸ਼ ਵਿੱਚੋਂ ਨਿਕਲ ਕੇ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਹੁਣ ਉਹ ਹਰਿਆਣਾ ਵਿੱਚ ਚੋਣ ਪ੍ਰਚਾਰ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ 20 ਸਤੰਬਰ ਤੋਂ ਹਰਿਆਣਾ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਭਲਕੇ ਯਮੁਨਾਨਗਰ ਜ਼ਿਲ੍ਹੇ ਦੇ ਜਗਾਧਰੀ ਵਿਧਾਨ ਸਭਾ ਹਲਕੇ ਵਿੱਚ ਆਪਣਾ ਪਹਿਲਾ ਰੋਡ ਸ਼ੋਅ ਕਰਨਗੇ। ਜਗਾਧਰੀ ਤੋਂ ਬਾਅਦ ਕੇਜਰੀਵਾਲ ਡੱਬਵਾਲੀ, ਰਾਣੀਆਂ, ਭਿਵਾਨੀ, ਮਹਿਮ, ਪੁੰਡਰੀ, ਕਲਾਇਤ, ਰੇਵਾੜੀ, ਦਾਦਰੀ, ਅਸੰਧ, ਬੱਲਭਗੜ੍ਹ ਅਤੇ ਬਾਢੜਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਫਿਲਹਾਲ ਉਹ 11 ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਕਰਨਗੇ, ਜਿਥੇ ਉਨ੍ਹਾਂ ਦੇ 13 ਪ੍ਰੋਗਰਾਮ ਹੋਣਗੇ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦਾ ਸ਼ਡਿਊਲ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ। ਸੰਦੀਪ ਪਾਠਕ ਨੇ ਕਿਹਾ ਕਿ ਜੇ ਹਰਿਆਣਾ ਦੀ ਰਾਜਨੀਤੀ ’ਤੇ ਨਜ਼ਰ ਮਾਰੀਏ ਤਾਂ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ਇਸ ਵਾਰ ਹਰਿਆਣਾ ’ਚੋਂ ਭਾਜਪਾ ਦਾ ਪੂਰੀ ਤਰ੍ਹਾਂ ਸਫਾਇਆ ਹੋ ਰਿਹਾ ਹੈ। ਆਮ ਆਦਮੀ ਪਾਰਟੀ ਹਰਿਆਣਾ ਦੇ ਲੋਕਾਂ ਲਈ ਬਦਲਾਅ ਦਾ ਬਿਹਤਰ ਬਦਲਪ ਹੈ। ਹਰਿਆਣਾ ਦੇ ਲੋਕਾਂ ਨੇ ਪੰਜਾਬ ਅਤੇ ਦਿੱਲੀ ਸਰਕਾਰਾਂ ਦੇ ਕੰਮ ਨੂੰ ਨੇੜਿਓਂ ਦੇਖਿਆ ਹੈ।
ਸਤੇਂਦਰ ਜੈਨ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼; ਸੁਣਵਾਈ 25 ਨੂੰ
ਨਵੀਂ ਦਿੱਲੀ:
ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ ਅੱਜ ਅਦਾਲਤ ਦਾ ਰੁਖ ਕੀਤਾ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕਰਕੇ 25 ਸਤੰਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਜੈਨ ਨੂੰ ਪਹਿਲਾਂ ਮਿਲੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।