ਕੇਜਰੀਵਾਲ ਦਾ ਦਿੱਲੀ ਦੇ ਲੋਕਾਂ ਨਾਲੋਂ ਨਾਤਾ ਟੁੱਟਿਆ: ਸਚਦੇਵਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਫਰਵਰੀ
ਲੋਕ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਰਮਿਆਨ ਸੀਟਾਂ ਦੀ ਵੰਡ ਬਾਰੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਸ਼ ਲਾਇਆ ਕਿ ਇਸ ਕਦਮ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਦਿੱਲੀ ਦੇ ਲੋਕਾਂ ਨਾਲੋਂ ਨਾਤਾ ਟੁੱਟ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਇੱਕ ਬਿਆਨ ਵਿੱਚ ਕਿਹਾ, “ਕੇਜਰੀਵਾਲ ਦਾ ਕਾਂਗਰਸ ਨਾਲ ਗੱਠਜੋੜ ਦਰਸਾਉਂਦਾ ਹੈ ਕਿ ਉਸ ਦਾ ਦਿੱਲੀ ਦੇ ਲੋਕਾਂ ਨਾਲੋਂ ਨਾਤਾ ਟੁੱਟ ਗਿਆ ਹੈ। ਆਮ ਆਦਮੀ ਪਾਰਟੀ ਜਾਣਦੀ ਹੈ ਕਿ ਦਿੱਲੀ ਦੀ ਪੇਂਡੂ ਆਬਾਦੀ, ਵਪਾਰੀ ਅਤੇ ਦਲਿਤ ਉਨ੍ਹਾਂ ਦੇ ਨਾਲ ਨਹੀਂ ਹਨ।’’ ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਗੱਠਜੋੜ ਕਰਨ ਦਾ ਫੈਸਲਾ ਕਰ ਕੇ ਦਿੱਲੀ ਵਿਧਾਨ ਸਭਾ ਦੀਆਂ 70 ’ਚੋਂ 62 ਸੀਟਾਂ ਜਿੱਤਣ ਵਾਲੇ ਮੁੱਖ ਮੰਤਰੀ ਨੇ ਇਹ ਦਰਸਾ ਦਿੱਤਾ ਹੈ ਕਿ ਉਹ ਲਗਪਗ ਅੱਧੀ ਦਿੱਲੀ ਦਾ ਭਰੋਸਾ ਗੁਆ ਚੁੱਕੇ ਹਨ। ਸਚਦੇਵਾ ਨੇ ਕਿਹਾ ਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਚੋਣ ਗਠਜੋੜ ਤੋਂ ਹੈਰਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ ਦੇ ਬਾਵਜੂਦ ਭਾਜਪਾ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਹੈਰਾਨ ਹਨ ਕਿ ਕੁਝ ਦਿਨ ਪਹਿਲਾਂ ਤੱਕ ਕਾਂਗਰਸ ਅਤੇ ‘ਆਪ’ ਦੋਵੇਂ ਇੱਕ ਦੂਜੇ ਨੂੰ ਭ੍ਰਿਸ਼ਟ ਕਹਿੰਦੇ ਸਨ ਅਤੇ ਅੱਜ ਉਨ੍ਹਾਂ ਦਾ ਗੱਠਜੋੜ ਹੋ ਗਿਆ ਹੈ। ਦੋਵਾਂ ਪਾਰਟੀਆਂ ਨੇ ਅੱਜ ਕਿਹਾ ਕਿ ‘ਆਪ’ ਦਿੱਲੀ ’ਚ ਚਾਰ ਸੀਟਾਂ ’ਤੇ ਅਤੇ ਕਾਂਗਰਸ ਤਿੰਨ ਸੀਟਾਂ ’ਤੇ ਚੋਣ ਲੜੇਗੀ। ਇਸ ਤੋਂ ਇਲਾਵਾ ਗੁਜਰਾਤ, ਗੋਆ ਅਤੇ ਹਰਿਆਣਾ ’ਚ ਸੀਟਾਂ ਦੀ ਵੰਡ ’ਤੇ ਵੀ ਸਹਿਮਤੀ ਬਣੀ ਹੈ।
‘ਆਪ’ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ: ਤਿਵਾੜੀ
ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ‘ਆਪ’ ਅਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਗੱਠਜੋੜ ’ਚ ਸੀਟਾਂ ਦੀ ਵੰਡ ਦੇ ਫਾਰਮੂਲੇ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ, ‘‘ਕੇਜਰੀਵਾਲ ਨੇ ਵਾਰ-ਵਾਰ ਕਾਂਗਰਸ ’ਤੇ ਹਮਲੇ ਕੀਤੇ ਅਤੇ ਉਸ ਨੂੰ ਦਿੱਲੀ ਦੀ ਸੱਤਾ ਤੋਂ ਹਟਾਇਆ ਪਰ ਹੁਣ ਉਹ ਗੱਠਜੋੜ ਬਣਾ ਰਹੇ ਹਨ। ਇਹ ਗੱਠਜੋੜ ਦੋਵਾਂ ਪਾਰਟੀਆਂ ਦੀ ਨਿਰਾਸ਼ਾ ਨੂੰ ਵੀ ਦਰਸਾਉਂਦਾ ਹੈ। ਇਨ੍ਹਾਂ ਪਾਰਟੀਆਂ ਨੇ ਆਪਣੇ ਫਾਇਦੇ ਲਈ ਗੱਠਜੋੜ ਕੀਤਾ ਹੈ।’’ ਤਿਵਾੜੀ ਨੇ ਦੋਸ਼ ਲਾਇਆ ਕਿ ‘ਆਪ’ ਨੂੰ ਲੋਕਾਂ ਦੀ ਭਲਾਈ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਹੱਥ ਮਿਲਾਉਣ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਨੂੰ ਵੱਧ ਵੋਟਾਂ ਮਿਲਣਗੀਆਂ।