For the best experience, open
https://m.punjabitribuneonline.com
on your mobile browser.
Advertisement

ਖਹਿਰਾ ਤੇ ਡਾ. ਗਾਂਧੀ ਸਣੇ 20 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ

08:02 AM May 09, 2024 IST
ਖਹਿਰਾ ਤੇ ਡਾ  ਗਾਂਧੀ ਸਣੇ 20 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ
ਪਟਿਆਲਾ ’ਚ ਰੋਡ ਸ਼ੋਅ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਡਾ. ਧਰਮਵੀਰ ਗਾਂਧੀ ਤੇ ਰਾਜਾ ਵੜਿੰਗ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਡਾ. ਗਾਂਧੀ ਸਣੇ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ਹਲਕਾ ਸੰਗਰੂਰ ਅਤੇ ਡਾ. ਧਰਮਵੀਰ ਗਾਂਧੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ।
ਜਾਣਕਾਰੀ ਅਨੁਸਾਰ ਅੱਜ ਸੰਗਰੂਰ ਤੋਂ ਪੰਜ, ਅੰਮ੍ਰਿਤਸਰ, ਪਟਿਆਲਾ ਤੇ ਲੁਧਿਆਣਾ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਰੀਦਕੋਟ ਤੋਂ ਦੋ, ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਭਾਜਪਾ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ 9 ਮਈ ਦਿਨ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ, ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਵੱਲੋਂ ਅੱਜ ਵੱਡੇ ਰੋਡ ਸ਼ੋਅ ਮਗਰੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਗਏ। ਰੋਡ ਸ਼ੋਅ ਦੌਰਾਨ ਕਾਗ਼ਜ਼ ਦਾਖ਼ਲ ਕਰਨ ਤੱਕ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਡਾ. ਗਾਂਧੀ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਵੀ ਨਾਲ ਰੱਖੀ ਜਿਸ ਤੋਂ ਉਨ੍ਹਾਂ ਸੰਦੇਸ਼ ਦਿੱਤਾ ਕਿ ਭਾਰਤੀ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਜਾਰੀ ਹੈ।
ਇਸ ਤੋਂ ਇਲਾਵਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ, ਜ਼ਿਲ੍ਹਾ ਕਾਂਗਰਸ ਕਮੇਟੀ, ਯੂਥ ਕਾਂਗਰਸ, ਮਹਿਲਾ ਕਾਂਗਰਸ, ਸੇਵਾ ਦਲ ਦੇ ਅਹੁਦੇਦਾਰਾਂ ਸਣੇ ਜ਼ਿਲ੍ਹੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਇੱਕਜੁਟਤਾ ਨਾਲ ਡਾ. ਗਾਂਧੀ ਨਾਲ ਖੜ੍ਹੀ ਦਿਖਾਈ ਦਿੱਤੀ। ਰਾਜਾ ਵੜਿੰਗ ਨੇ ਕਿਹਾ ਕਿ ਜਿਵੇਂ ਪਟਿਆਲਾ ਦੇ ਲੋਕਾਂ ਨੇ ਡਾ. ਗਾਂਧੀ ਦੇ ਨਾਮਜ਼ਦਗੀ ਪੱਤਰ ਭਰਨ ’ਤੇ ਉਤਸ਼ਾਹ ਦਿਖਾਇਆ ਹੈ ਤਾਂ ਸਪੱਸ਼ਟ ਹੋ ਗਿਆ ਹੈ ਕਿ ਡਾ. ਗਾਂਧੀ ਵੱਡੇ ਫਰਕ ਨਾਲ ਜਿੱਤ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਡਾਕਟਰ ਗਾਂਧੀ ਨੂੰ ਜਿਤਾਉਣ ਲਈ ਇੱਕਜੁਟ ਹੈ। ਰੋਡ ਸ਼ੋਅ ਦਾ ਥਾਂ-ਥਾਂ ’ਤੇ ਸਵਾਗਤ ਕਰਨ ਲਈ ਲੋਕ ਆਪਣੇ ਹੱਥਾਂ ਵਿੱਚ ਫੁੱਲ ਲੈ ਕੇ ਖੜ੍ਹੇ ਸਨ ਅਤੇ ਡਾ. ਗਾਂਧੀ ਦੇ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਡਾ. ਗਾਂਧੀ ਦੇ ਰੋਡ ਸ਼ੋਅ ਦੀ ਪ੍ਰਬੰਧਕੀ ਟੀਮ ਵੱਲੋਂ ਆਮ ਸੜਕੀ ਆਵਾਜਾਈ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ ਤਾਂ ਜੋ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਡਾ. ਗਾਂਧੀ ਨੇ ਕਿਹਾ ਕਿ ਉਨ੍ਹਾਂ ਦਾ ਸਮਾਜਿਕ ਜੀਵਨ ਇੱਕ ਖੁੱਲ੍ਹੀ ਕਿਤਾਬ ਵਾਂਗ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਦੇ ਸਾਹਮਣੇ ਵਾਲੇ ਉਮੀਦਵਾਰ ਪੈਸੇ ਅਤੇ ਸੱਤਾ ਦੀ ਤਾਕਤ ਪੱਖੋਂ ਬਹੁਤ ਧਨੀ ਹਨ ਪਰ ਉਨ੍ਹਾਂ ਨਾਲ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਖੜ੍ਹੇ ਹਨ ਅਤੇ ਲੋਕਾਂ ਦੀ ਤਾਕਤ ਹੀ ਉਨ੍ਹਾਂ ਨੂੰ ਸੰਸਦ ਵਿੱਚ ਪਹੁੰਚਾਏਗੀ।

Advertisement

Advertisement
Author Image

joginder kumar

View all posts

Advertisement
Advertisement
×