ਖ਼ਾਲਿਸਤਾਨ ਕਮਾਂਡੋ ਫੋਰਸ ਦੇ ਕਾਰਕੁਨ ਪਰਮਜੀਤ ਪੰਮਾ ਦੇ ਘਰ ਛਾਪਾ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 1 ਅਗਸਤ
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਤਿੱਖੀ ਨਜ਼ਰ ਰੱਖਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਟੀਮ ਨੇ ਅੱਜ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਖ਼ਾਲਿਸਤਾਨ ਲਹਿਰ ਨਾਲ ਜੁੜੇ ਵਿਅਕਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇੰਗਲੈਂਡ ਰਹਿੰਦੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਕਾਰਕੁਨ ਪਰਮਜੀਤ ਸਿੰਘ ਉਰਫ਼ ਪੰਮਾ ਦੇ ਮੁਹਾਲੀ ਦੇ ਫੇਜ਼-3ਬੀ-2 ਸਥਿਤ ਘਰ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਅਤੇ ਇੱਥੇ ਰਹਿੰਦੇ ਉਸ ਦੇ ਬਜ਼ੁਰਗ ਮਾਤਾ ਪਿਤਾ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਸਵੇਰੇ 6 ਵਜੇ ਪੰਮੇ ਦੇ ਘਰ ਪਹੁੰਚੀ ਅਤੇ ਉਸਦੇ ਮਾਪਿਆਂ ਨੂੰ ਘਰ ਦੀ ਤਲਾਸ਼ੀ ਲੈਣ ਬਾਰੇ ਕਿਹਾ। ਪਰਮਜੀਤ ਪੰਮੇ ਦੇ ਮਾਪਿਆਂ ਨੇ ਇਲਾਕੇ ਦੇ ਕੌਂਸਲਰ ਦੀ ਹਾਜ਼ਰੀ ਵਿੱਚ ਕਾਰਵਾਈ ਕਰਨ ਦੀ ਗੁਹਾਰ ਲਗਾਈ ਗਈ। ਇਸ ਮਗਰੋਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਮੌਕੇ ’ਤੇ ਸੱਦਿਆ ਗਿਆ ਅਤੇ ਘਰ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਐਨਆਈਏ ਦੀ ਟੀਮ ਨੂੰ ਘਰ ’ਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਟੀਮ ਨੇ ਪੰਮੇ ਦੇ ਮਾਪਿਆਂ ਦੇ ਬਿਆਨ ਵੀ ਦਰਜ ਕੀਤੇ। ਪੰਮਾ ਦੇ ਪਿਤਾ ਅਮਰੀਕ ਸਿੰਘ ਨੇ ਸਪੱਸ਼ਟ ਕੀਤਾ ਵਿਦੇਸ਼ ਰਹਿੰਦੇ ਉਨ੍ਹਾਂ ਦਾ ਆਪਣੇ ਪੁੱਤਰ ਨਾਲ ਕੋਈ ਸਬੰਧ ਨਹੀਂ ਹੈ।