ਖਾਲਸਾ ਕਾਲਜ ਗੁਰਦਾਸਨੰਗਲ ’ਚ ਹੋਲੇ ਮਹੱਲੇ ਸਬੰਧੀ ਸਮਾਗਮ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 27 ਮਾਰਚ
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਚ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਵਿੱਚ ਹੋਲੇ ਮਹੱਲੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਇਸ ਮੌਕੇ ਪ੍ਰੋ. ਡਾ. ਆਤਮਾ ਸਿੰਘ ਨੇ ਵਿਦਿਆਰਥੀਆਂ ਨੂੰ ਹੋਲੇ ਮਹੱਲੇ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨੇ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਸਮੇਂ ਦੇ ਜਾਬਰ ਹਾਕਮਾਂ ਤੇ ਜ਼ੁਲਮ ਖਿਲਾਫ ਸੰਘਰਸ਼ ਕਰਨ ਅਤੇ ਕੌਮ ਵਿੱਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈਸਵੀ ਨੂੰ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ ਵਿੱਚ ਸਾਸ਼ਤਰ ਵਿੱਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਨਮਾਨ ਕੀਤਾ ਜਾਂਦਾ ਸੀ। ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਹੋਲਾ ਮਹੱਲਾ ਮਨੁੱਖ ਦੀ ਬਹਾਦਰੀ ਦਾ ਪ੍ਰਤੀਕ ਹੈ। ਇਸ ਮੌਕੇ ਕਾਲਜ ਦੇ ਸਮੂਹ ਪ੍ਰੋਫੈਸਰ ਤੇ ਸਟਾਫ ਮੈਂਬਰ ਹਾਜ਼ਰ ਸਨ।