ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ/ਦੋਰਾਹਾ, 13 ਅਪਰੈਲ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵੱਖ-ਵੱਖ ਰਾਗੀ, ਢਾਡੀ ਜੱਥਿਆਂ ਨੇ ਕਥਾ, ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਬੀਬੀਆਂ ਦੇ ਜੱਥੇ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਜੀਤ ਸਿੰਘ ਬੇਦੀ, ਵਿਜੈ ਕੁਮਾਰ, ਕਰਮਜੀਤ ਸਿੰਘ ਤੇ ਅਮਰਜੀਤ ਸਿੰਘ ਔਲਖ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਛੋਟੀ ਉਮਰੇ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸੇ ਤਰ੍ਹਾਂ ਦੋਰਾਹਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਨਵੇਂ ਹਾਲ ਦਾ ਉਦਘਾਟਨ ਕੀਤਾ ਗਿਆ। ਵੱਖ ਵੱਖ ਜੱਥਿਆਂ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸੇ ਤਰ੍ਹਾਂ ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਕਟਾਣਾ ਸਾਹਿਬ, ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਹੋਏ। ਅੰਤ ਵਿਚ ਅਤੁੱਟ ਲੰਗਰ ਵਰਤਾਏ ਗਏ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਗੁਰੂ ਜੱਸ ਸਰਵਣ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹੋਏ ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਕੀਰਤਨੀ ਜੱਥੇ ਨੇ ਖਾਲਸਾਈ ਬਾਣਿਆਂ ਵਿੱਚ ਤਿਆਰ ਬਰ ਤਿਆਰ ਹੋ ਕੇ ਗੁਰਬਾਣੀ ਦਾ ਆਨੰਦਮਈ ਕੀਰਤਨ ਕੀਤਾ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਹੋਏ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਖਸ਼ੀਸ਼ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਕੰਵਰਪਾਲ ਸਿੰਘ ਦੇਹਰਾਦੂਨ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀਆਂ ਹਾਜ਼ਰੀਆ ਭਰੀਆਂ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕੀਤੇ।
ਪਾਇਲ (ਪੱਤਰ ਪ੍ਰੇਰਕ): ਸਿੰਘਾਪੁਰ ਵਿੱਚ ਸੈਂਟਰਲ ਸਿੱਖ ਗੁਰਦੁਆਰਾ ਬੋਰਡ ਅਧੀਨ ਚੱਲਦੇ ਤਿੰਨ ਧਾਰਮਿਕ ਅਸਥਾਨ ਵੱਡਾ ਗੁਰਦੁਆਰਾ ਸਾਹਿਬ, ਖਾਲਸਾ ਧਾਰਮਿਕ ਸਭਾ ਅਤੇ ਗੁਰਦੁਆਰਾ ਸਿਲਟ ਰੋਡ ਸਿੱਖ ਸੈਂਟਰਲ ਯਾਦਗਾਰ ਭਾਈ ਮਹਾਰਾਜ ਸਿੰਘ ਜੀ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਗੁੱਡਅਰਥ ਕਾਨਵੈਂਟ ਸਕੂਲ ਵਿੱਚ ਵਿਸਾਖੀ ਮਨਾਈ
ਪਾਇਲ (ਪੱਤਰ ਪ੍ਰੇਰਕ): ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿੱਚ ਵਿਸਾਖੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ, ਗੀਤਾਂ, ਨੁੱਕੜ ਨਾਟਕਾਂ ਰਾਹੀਂ ਵਿਸਾਖੀ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪ੍ਰੋਗਰਾਮਾਂ ਨੂੰ ਅਧਿਆਪਕਾ ਮਨਪ੍ਰੀਤ ਕੌਰ ਪੰਧੇਰ, ਹਰਪ੍ਰੀਤ ਕੌਰ, ਮੀਨਾ ਸ਼ਰਮਾ, ਨਵਨੀਤ ਕੌਰ, ਇੰਦਰਜੀਤ ਕੌਰ ਅਤੇ ਆਰਟ ਵਿਭਾਗ ਦੇ ਮੁਖੀ ਕੁਲਦੀਪ ਸਿੰਘ ਨੇ ਪ੍ਰਭਾਵਸ਼ਾਲੀ ਢੰਗ ਨਾਲ ਤਰਤੀਬ ਦਿੱਤੀ। ਅੰਤ ਵਿੱਚ ਪ੍ਰਿੰਸੀਪਲ ਨਵੀਨ ਬਾਂਸਲ ਅਤੇ ਸਕੂਲ ਦੇ ਵਾਈਸ ਚੇਅਰਮੈਨ ਪ੍ਰੋ. ਗੁਰਮੁੱਖ ਸਿੰਘ ਗੋਮੀ ਨੇ ਆਪਣੇ ਵਿਚਾਰ ਸਾਂਝੇ ਕੀਤੇ।