ਖੱਟਰ ਨੇ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 12 ਜੁਲਾਈ
ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹੜ੍ਹਾਂ ਤੋਂ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਮਨਿੀ ਸਕੱਤਰੇਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਏਅਰ ਫੋਰਸ ਸਟੇਸ਼ਨ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਖੱਟਰ ਨੇ ਦੱਸਿਆ ਕਿ ਉਨ੍ਹਾਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕੀਤਾ ਹੈ। ਇਨ੍ਹਾਂ ’ਚੋਂ ਅੰਬਾਲਾ ਅਤੇ ਕੁਰੂਕਸ਼ੇਤਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਮੁੱਖ ਮੰਤਰੀ ਨੇ ਪ੍ਰਦੇਸ਼ ਵਿਚ ਹੁਣ ਤੱਕ ਹੜ੍ਹ ਕਾਰਨ ਮਰਨ ਵਾਲੇ 10 ਲੋਕਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਕੜਾ ਵੱਧ ਵੀ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਭ ਤੋਂ ਪਹਿਲਾਂ ਰਿਹਾਇਸ਼ੀ ਇਲਾਕਿਆਂ ਅਤੇ ਖੇਤਾਂ ਵਿਚੋਂ ਪਾਣੀ ਦੀ ਨਿਕਾਸੀ ਅਤੇ ਲੋਕਾਂ ਦੇ ਖਾਣ-ਪੀਣ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਨਿ੍ਹਾਂ ਗਰੀਬ ਪਰਿਵਾਰਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹ ਨਾਲ ਅੰਬਾਲਾ, ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਯਮੁਨਾਨਗਰ, ਪਾਨੀਪਤ ਅਤੇ ਕੈਥਲ ਜ਼ਿਲ੍ਹੇ ਵੱਧ ਪ੍ਰਭਾਵਿਤ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੀਟਿੰਗਾਂ ਕਰਨ ਦੀ ਥਾਂ ਫੀਲਡ ਵਿਚ ਉਤਰ ਕੇ ਕੰਮ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਿਜਲੀ, ਪਾਣੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਅਤੇ ਪਸ਼ੂਆਂ ਲਈ ਚਾਰਾ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਬਾਰਿਸ਼ ਨਾਲ 240 ਪਿੰਡ ਪ੍ਰਭਾਵਿਤ ਹੋਣ ਦੀ ਸੂਚਨਾ ਹੈ। ਉਨ੍ਹਾਂ ਨੇ ਬਿਮਾਰੀਆਂ ਵੱਧਣ ਦਾ ਖਦਸ਼ਾ ਪ੍ਰਗਟਾਉਂਦਿਆਂ ਸਿਹਤ ਵਿਭਾਗ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ 2 ਤੋਂ 3 ਦਨਿ ਲਈ ਵਿਸ਼ੇਸ਼ ਕੈਂਪ ਲਾਉਣ ਲਈ ਵੀ ਕਿਹਾ ਹੈ। ਮੀਟਿੰਗ ਵਿਚ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਡੀਸੀ ਡਾ. ਸ਼ਾਲੀਨ ਨੇ ਮੁੱਖ ਮੰਤਰੀ ਨੂੰ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਰਾਹਤ ਕੰਮਾਂ ਬਾਰੇ ਜਾਣਕਾਰੀ ਦਿੱਤੀ।