ਮੋਦੀ ਦੀ ਚਾਹ ਪਾਰਟੀ ਵਿੱਚ ਸ਼ਾਮਲ ਹੋਏ ਖੱਟਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਜੂਨ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਤੋਂ ਲੋਕ ਸਭਾ ਚੋਣ ਦੇ ਜੇਤੂ ਭਾਜਪਾ ਉਮੀਦਵਾਰ ਮਨੋਹਰ ਲਾਲ ਖੱਟਰ ਨਰਿੰਦਰ ਮੋਦੀ ਦੀ ਚਾਹ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਖੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਗਲੇ 24 ਘੰਟਿਆਂ ਲਈ ਦਿੱਲੀ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਨਰਿੰਦਰ ਮੋਦੀ ਨਾਲ ਚਾਹ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਖੱਟਰ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਇੱਕ ਰੀਤ ਹੈ ਕਿ ਉਹ ਲੋਕਾਂ ਨੂੰ ਚਾਹ ਮੀਟਿੰਗ ਲਈ ਆਪਣੇ ਘਰ ਬੁਲਾਉਂਦੇ ਹਨ। ਉਹ ਉਨ੍ਹਾਂ ਨੂੰ ਹੀ ਬੁਲਾਉਂਦੇ ਹਨ ਜਿਨ੍ਹਾਂ ਨੂੰ ਉਹ ਆਪਣੀ ਕੈਬਨਿਟ ਵਿਚ ਸ਼ਾਮਲ ਕਰਨਾ ਚਾਹੁੰਦੇ ਹਨ। ਕੁਝ ਰਸਮੀ ਕਾਰਵਾਈਆਂ ਕਰਨੀਆਂ ਸਨ, ਜੋ ਮੈਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਮੈਨੂੰ ਅਗਲੇ 24 ਘੰਟਿਆਂ ਲਈ ਦਿੱਲੀ ਵਿੱਚ ਰਹਿਣ ਲਈ ਕਿਹਾ ਹੈ। ਖੱਟਰ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਅਤੇ ਫਰੀਦਾਬਾਦ ਦੇ ਸੰਸਦ ਮੈਂਬਰ ਕ੍ਰਿਸ਼ਨ ਪਾਲ ਗੁੱਜਰ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਭਾਜਪਾ ਨੇਤਾ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਪੁਸ਼ਟੀ ਕੀਤੀ ਕਿ ਉਹ ਇਸ ਸਰਕਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਰਤਨ ਐਵਾਰਡੀ ਮਰਹੂਮ ਕਰਪੁਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਨੇ ਪੁਸ਼ਟੀ ਕੀਤੀ ਕਿ ਉਹ ਨਵੀਂ ਸਰਕਾਰ ਦਾ ਹਿੱਸਾ ਹੋਣਗੇ। ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕ ਕਲਿਆਣ ਮਾਰਗ ਸਥਿਤ ਆਪਣੀ ਰਿਹਾਇਸ਼ ’ਤੇ ਨਵੀਂ ਐੱਨਡੀਏ ਸਰਕਾਰ ਦੇ ਸੰਭਾਵੀ ਮੰਤਰੀਆਂ ਅਤੇ ਆਪਣੀ ਪਾਰਟੀ ਦੇ ਉੱਘੇ ਨੇਤਾਵਾਂ ਦੀ ਮੀਟਿੰਗ ਦੀ ਮੇਜ਼ਬਾਨੀ ਕੀਤੀ।