ਅੱਜ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’
ਪੱਤਰ ਪ੍ਰੇਰਕ
ਬਠਿੰਡਾ, 28 ਅਗਸਤ
ਇਥੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ 29 ਅਗਸਤ ਨੂੰ ਉਦਘਾਟਨ ਕੀਤਾ ਜਾਵੇਗਾ। ਇਸ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਰਹਿਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫਾਈਨਲ ਰਿਹਰਸਲ ਮਗਰੋਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਦਘਾਟਨੀ ਸਮਾਗਮ ਤੋਂ ਪਹਿਲਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਮਸ਼ਾਲ ਬਠਿੰਡਾ ਵਿੱਚ ਪੁੱਜੇਗੀ। ਮਾਰਚ ਪਾਸਟ ਵਿੱਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਉੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਉਦਘਾਟਨੀ ਸਮਾਗਮ ਮੌਕੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ।
ਖੇਡ ਮੰਤਰੀ ਕਰਨਗੇ ਮਸ਼ਾਲ ਮਾਰਚ ਦਾ ਸਵਾਗਤ
ਇਨ੍ਹਾਂ ਖੇਡਾਂ ਸਬੰਧੀ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਇਆ ਮਸ਼ਾਲ ਮਾਰਚ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ 29 ਅਗਸਤ ਨੂੰ ਬਠਿੰਡਾ ਵਿੱਚ ਪੁੱਜੇਗਾ। ਇਸ ਮਾਰਚ ਦਾ ਭਾਈ ਘਨ੍ਹੱਈਆ ਜੀ ਚੌਕ ਵਿੱਚ ਪਹੁੰਚਣ ’ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ ਹੈ।