ਲੇਖ ਰਚਨਾ ਮੁਕਾਬਲੇ ਵਿੱਚ ਖੁਸ਼ਪ੍ਰੀਤ ਕੌਰ ਅੱਵਲ
ਨਿੱਜੀ ਪੱਤਰ ਪ੍ਰੇਰਕ
ਮੋਗਾ, 21 ਅਗਸਤ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜ਼ਿੱਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਮੋਗਾ ਦੇ ਪ੍ਰਿੰਸੀਪਲ ਮਮਤਾ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਕਰਵਾਈ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਅੰਦਰ ਸਾਹਿਤ ਰਚਨਾ ਅਤੇ ਸਾਹਿਤਕ ਗਾਇਕੀ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਚੰਗੇਰੇ ਜੀਵਨ ਮੁੱਲਾਂ ਨਾਲ ਜੋੜਨਾ ਹੈ। ਲੇਖ ਰਚਨਾ ਮੁਕਾਬਲੇ ਵਿੱਚ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੜਿੱਕ, ਮੋਗਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੋਸਾ ਰਣਧੀਰ, ਮੋਗਾ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ, ਕੈਲ਼ਾ, ਮੋਗਾ ਦੇ ਵਿਦਿਆਰਥੀ ਤਫ਼ਾਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭੰਗੇਰੀਆਂ, ਮੋਗਾ ਦੀ ਵਿਦਿਆਰਥਣ ਨਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।