ਸਰਕਾਰੀ ਹਸਪਤਾਲ ਵਿੱਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 23 ਨਵੰਬਰ
ਪੰਜਾਬ ਸਰਕਾਰ ਨੇ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਦੀਆਂ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ। ਸਰਕਾਰੀ ਹਸਪਤਾਲ ਵਿੱਚ ਅੱਜ ਕੰਸਲਟੈਂਟ ਨੈਫਰੋਲੋਜੀ ਡਾ. ਅੰਕੁਰ ਚੌਧਰੀ ਨੇ ਪਹਿਲੀ ਕਿਡਨੀ ਬਾਇਓਪਸੀ ਕੀਤੀ ਗਈ ਹੈ।
ਸਰਕਾਰੀ ਹਸਪਤਾਲ ਦੇ ਐੱਸਐੱਮਓ ਡਾ. ਐੱਚਐੱਸ ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਮਰੀਜ਼ਾਂ ਨੂੰ ਉੱਚ-ਗੁਣਵੱਤਾ, ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਨ ਲਈ ਹਸਪਤਾਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਸੇਵਾ ਦੀ ਸ਼ੁਰੂਆਤ ਲਈ ਡਾ. ਅੰਕੁਰ ਚੌਧਰੀ ਅਤੇ ਡਾ. ਵਿਜੈ ਭਗਤ ਦੀ ਅਗਵਾਈ ਵਾਲੀ ਸਮੁੱਚੀ ਰੇਡੀਓਲੋਜੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗੁਰਦਿਆਂ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ।
ਡਾ. ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਕਿਡਨੀ ਬਾਇਓਪਸੀ ਸੇਵਾਵਾਂ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਲਈ ਉੱਨਤ ਡਾਕਟਰੀ ਦੇਖਭਾਲ ਤੱਕ ਪਹੁੰਚ ਨੂੰ ਵਧਾਉਣ ਲਈ ਅਹਿਮ ਕਦਮ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਹਸਪਤਾਲ ਦੀ ਮੈਡੀਕਲ ਟੀਮ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲੀ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ।