For the best experience, open
https://m.punjabitribuneonline.com
on your mobile browser.
Advertisement

ਮੂਸੇਵਾਲਾ ਦੇ ਪਿਤਾ ਨਾਲ ਕਾਗਜ਼ ਭਰਨ ਪੁੱਜੇ ਰਾਜਾ ਵੜਿੰਗ

07:59 AM May 14, 2024 IST
ਮੂਸੇਵਾਲਾ ਦੇ ਪਿਤਾ ਨਾਲ ਕਾਗਜ਼ ਭਰਨ ਪੁੱਜੇ ਰਾਜਾ ਵੜਿੰਗ
ਚੋਣ ਅਧਿਕਾਰੀ ਕੋਲ ਨਾਮਜ਼ਦਗੀ ਦਾਖ਼ਲ ਕਰਦੇ ਹੋਏ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ।
Advertisement

ਗਗਨਦੀਪ ਅਰੋੜਾ
ਲੁਧਿਆਣਾ, 13 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਆਪਣੇ ਪਰਿਵਾਰ ਸਮੇਤ ਅੱਜ ਇੱਥੇ ਡੀਸੀ ਦਫ਼ਤਰ ਪਹੁੰਚ ਕੇ ਆਪਣੇ ਨਾਮਜ਼ਦਗੀ ਕਾਗ਼ਜ਼ ਭਰੇ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵੜਿੰਗ ਜਗਰਾਉਂ ਪੁਲ ਸਥਿਤ ਦੁਰਗਾ ਮਾਤਾ ਮੰਦਰ ਪੁੱਜੇ। ਉਨ੍ਹਾਂ ਕਾਗ਼ਜ਼ ਦਾਖ਼ਲ ਕਰਨ ਤੋਂ ਬਾਅਦ ਵਿਰੋਧੀਆਂ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਦੇ ਮਸਲਿਆਂ ਨੂੰ ਸੰਸਦ ਵਿੱਚ ਚੁੱਕਣਗੇ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਤੇ ਗੈਂਗਸਟਰਾਂ ਨੂੰ ਖਤਮ ਕਰਨ ਦੀ ਗੱਲ ਵੀ ਕਹੀ।
ਸਿੱਧੂ ਮੂਸੇਵਾਲਾ ਕਤਲਕਾਂਡ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਉਹ ਸੰਸਦ ’ਚ ਪੁੱਜਦੇ ਹਨ ਤਾਂ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰੇਕ ਲੜਾਈ ਪਹਿਲਾਂ ਵਾਂਗ ਜਾਰੀ ਰੱਖਣਗੇ ਤੇ ਜੇਕਰ ਕਾਂਗਰਸ ਗੱਠਜੋੜ ਦੀ ਕੇਂਦਰ ’ਚ ਸਰਕਾਰ ਬਣਦੀ ਹੈ ਤਾਂ ਉਹ ਇਨਸਾਫ਼ ਦੇ ਨਾਲ-ਨਾਲ ਪੰਜਾਬ ’ਚੋਂ ਗੈਂਗਸਟਰਾਂ ਦਾ ਸਫ਼ਾਇਆ ਵੀ ਜ਼ਰੂਰ ਕਰਵਾਉਣਗੇ। ਬਲਕੌਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਲੜਕੇ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਲੜਾਈ ’ਚ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਉਸ ਦੇ ਲੜਕੇ ਦੇ ਕਤਲ ਦੇ ਮੁੱਖ ਮੁਲਜ਼ਮ ਜੇਲ੍ਹ ’ਚੋਂ ਵੀਡੀਓ ਕਾਲ ਕਰ ਰਹੇ ਹਨ, ਚੈਨਲਾਂ ਨੂੰ ਇੰਟਰਵਿਊ ਦੇ ਰਹੇ ਹਨ। ਲਾਰੈਂਸ ਬਿਸ਼ਨੋਈ ਜੇਲ੍ਹ ’ਚ ਬੈਠ ਕੇ ਰੋਜ਼ਾਨਾ ਕਿਸੇ ਨਾ ਕਿਸੇ ਦੀ ਮੌਤ ਦਾ ਵਾਰੰਟ ਜਾਰੀ ਕਰ ਰਿਹਾ ਹੈ ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਦੋ ਸਾਲ ਤੋਂ ਉਪਰ ਦਾ ਸਮਾਂ ਹੋਣ ਵਾਲਾ ਹੈ ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

Advertisement

ਦੰਗਾ ਪੀੜਤਾਂ ਵੱਲੋਂ ਰਾਜਾ ਵੜਿੰਗ ਦਾ ਘਿਰਾਓ

ਲੁਧਿਆਣਾ (ਗੁਰਿੰਦਰ ਸਿੰਘ): ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੱਡੀ ਦਾ ਘਿਰਾਓ ਕਰ ਕੇ ਰੋਸ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਵਰਕਰਾਂ ਨੇ ਨਾਅਰੇ ਲਿਖੀਆਂ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਉਨ੍ਹਾਂ ਰਾਜਾ ਵੜਿੰਗ ਨੂੰ ਕਾਲੇ ਝੰਡੇ ਦਿਖਾ ਕੇ ਨਾਅਰੇਬਾਜ਼ੀ ਵੀ ਕੀਤੀ। ਪਹਿਲਾਂ ਵਰਕਰ ਮਿਨੀ ਸਕੱਤਰੇਤ ਦੇ ਗੇਟ ਬਾਹਰ ਇਕੱਠੇ ਹੋਏ। ਜਿਉਂ ਹੀ ਰਾਜਾ ਵੜਿੰਗ ਗੇਟ ਕੋਲ ਪੁੱਜੇ ਤਾਂ ਵਰਕਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਦੰਗਾ ਪੀੜਤਾਂ ਨੂੰ ਘੇਰੇ ਵਿੱਚ ਲੈ ਲਿਆ ਪਰ ਉਹ ਘੇਰਾ ਤੋੜ ਕੇ ਕਾਂਗਰਸੀ ਉਮੀਦਵਾਰ ਦੀ ਗੱਡੀ ਕੋਲ ਪੁੱਜ ਗਏ, ਜਿੱਥੇ ਮੁਜ਼ਾਹਰਾਕਾਰੀਆਂ ਦੀ ਪੁਲੀਸ ਨਾਲ ਝੜਪ ਵੀ ਹੋਈ। ਇਸ ਮੌਕੇ ਸੁਰਜੀਤ ਸਿੰਘ ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਮਲਨਾਥ ਨੂੰ ਰਾਜਾ ਵੜਿੰਗ ਨੇ ਕਲੀਨ ਚਿੱਟ ਦੇ ਕੇ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਿਆ ਹੈ ਅਤੇ ਉਸ ਨੇ ਇੰਦਰਾ ਗਾਂਧੀ ਦੀ ਤਸਵੀਰ ਵਾਲੀ ‘ਮਾਂ ਤੁਝੇ ਸਲਾਮ’ ਦੀ ਟੀ-ਸ਼ਰਟ ਪਾ ਕੇ ਦੱਸਿਆ ਹੈ ਕਿ ਉਹ ਵੀ ਇੰਦਰਾ ਗਾਂਧੀ ਵਾਂਗ ਸਿੱਖਾਂ ਦਾ ਦੁਸ਼ਮਣ ਹੈ।

Advertisement
Author Image

joginder kumar

View all posts

Advertisement
Advertisement
×