ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਨਵੰਬਰ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਗੁਰੂ ਜੱਸ ਸਰਵਣ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਅਮਨ ਲੁਧਿਆਣਾ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਤੇ ਅਦੁੱਤੀ ਗ੍ਰੰਥ ਹੈ ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਇਸ ਅੱਗੇ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਮਨੀ ਨੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਗੁਰੂ ਗ੍ਰੰਥ ਸਾਹਿਬ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਥੀਆਂ ਸਮੇਤ ਕੀਰਤਨੀ ਜਥਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਵੀ ਹਾਜ਼ਰ ਸਨ।