For the best experience, open
https://m.punjabitribuneonline.com
on your mobile browser.
Advertisement

ਕਿਸਾਨ ਅੰਦੋਲਨ: ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਇਕੱਤਰਤਾ ਹੋਈ

07:29 AM Apr 17, 2024 IST
ਕਿਸਾਨ ਅੰਦੋਲਨ  ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਇਕੱਤਰਤਾ ਹੋਈ
ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦੇ ਹੋਏ ਜਸਵੰਤ ਸਿੰਘ ਖਹਿਰਾ।
Advertisement

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 16 ਅਪਰੈਲ
ਸਾਲ 2020 ਵਿੱਚ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਦਿੱਲੀ ਕਿਸਾਨ ਮੋਰਚੇ ਦੌਰਾਨ ਪੰਜਾਬ ਦੇ ਸ਼ਹੀਦ ਹੋਏ ਕਿਸਾਨ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਦੀ ਅਹਿਮ ਮੀਟਿੰਗ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਜਗਤਾਰ ਸਿੰਘ ਬੰਗਾਵਾਲੀ ਅਤੇ ਬਲਵੀਰ ਚੰਦ ਭੱਠਲ ਨੇ ਦੱਸਿਆ ਕਿ ਕਿਸਾਨ ਮੋਰਚੇ ਵਿਚ ਪੰਜਾਬ ਦੇ 800 ਦੇ ਕਰੀਬ ਕਿਸਾਨ ਅਤੇ ਮਜ਼ਦੂਰ ਸ਼ਹੀਦ ਹੋਏ ਸਨ। ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਸਹਾਇਤਾ ਦਿੱਤੀ ਜਾਵੇਗੀ। ਕਾਂਗਰਸ ਸਰਕਾਰ ਨੇ ਲਗਪਗ 400 ਪਰਿਵਾਰਾਂ ਨੂੰ ਨੌਕਰੀਆਂ ਅਤੇ ਮਾਲੀ ਸਹਾਇਤਾ ਵੀ ਦਿੱਤੀ ਪ੍ਰੰਤੂ 400 ਪਰਿਵਾਰ ਹਾਲੇ ਵੀ ਨੌਕਰੀਆਂ ਤੋਂ ਵਾਂਝੇ ਹਨ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮੰਗ ਪੱਤਰ ਦੇ ਕੇ ਨੌਕਰੀਆਂ ਦੇਣ ਦੀ ਅਪੀਲ ਕੀਤੀ ਸੀ ਜਿਸ ਦੌਰਾਨ 19 ਦਸੰਬਰ 2022 ਵਿਚ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਦੀ ਹਾਜ਼ਰੀ ਵਿਚ ਇਹਨਾਂ ਪਰਿਵਾਰਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ 31 ਮਾਰਚ 2023 ਤੱਕ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ ਪ੍ਰੰਤੂ ਇਹ ਐਲਾਨ ਸਿਰਫ਼ ਐਲਾਨ ਹੀ ਬਣ ਕੇ ਰਹਿ ਗਿਆ। ਉਪਰੰਤ ਪਰਿਵਾਰਾਂ ਨੇ 23 ਜਨਵਰੀ 2024 ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ ਪੱਕੇ ਤੌਰ ’ਤੇ ਧਰਨਾ ਲਾਇਆ ਗਿਆ। ਇਥੇ ਵੀ ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਸੀ ਕਿ 31 ਮਾਰਚ 2024 ਤੱਕ ਸਾਰੇ ਪਰਿਵਾਰਾਂ ਨੂੰ ਨੌਕਰੀਆਂ ਤੇ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ ਪ੍ਰੰਤੂ ਅੱਜ ਤੱਕ ਨਾ ਨੌਕਰੀਆਂ ਮਿਲੀਆਂ ਹਨ ਤੇ ਨਾ ਮੁਆਵਜ਼ਾ ਮਿਲਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਦਿੱਤਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਲੀਡਰਾਂ ਦਾ ਵਿਰੋਧ ਕੀਤਾ ਜਾਵੇਗਾ। ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਕਿਸਾਨ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਡਾ. ਰੂਪ ਸਿੰਘ ਸ਼ੇਰੋ ਵੱਲੋਂ ਕੀਤੇ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਡਾ. ਗੁਰਵੀਰ ਸਿੰਘ ਸੋਹੀ, ਅਮਨਦੀਪ ਕੌਰ ਬਾਠ, ਮਨਿੰਦਰ ਕੌਰ ਸਮੇਤ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵੱਡੀ ਗਿਣਤੀ ਵਿਚ ਪਰਿਵਾਰ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×