For the best experience, open
https://m.punjabitribuneonline.com
on your mobile browser.
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਸੀ ਤੇ ਐੱਸਐੱਸਪੀ ਦਫ਼ਤਰ ਘੇਰਿਆ

07:12 AM Jul 18, 2023 IST
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਸੀ ਤੇ ਐੱਸਐੱਸਪੀ ਦਫ਼ਤਰ ਘੇਰਿਆ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਧਰਨਾਕਾਰੀ।
Advertisement

ਜਤਿੰਦਰ ਬੈਂਸ
ਗੁਰਦਾਸਪੁਰ, 17 ਜੁਲਾਈ
ਬੀਤੇ ਦਨਿੀਂ ਜੱਜ ਦੇ ਘਰ ਚੋਰੀ ਮਾਮਲੇ ਵਿੱਚ ਪੁਲੀਸ ਵੱਲੋਂ ਲੜਕੀ ਉੱਤੇ ਤਸ਼ਦੱਦ ਕਰਨ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਵਿੱਚ ਇੱਕਠੇ ਹੋਣ ਮਗਰੋਂ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਜ਼ਿਲ੍ਹਾ ਕਚਹਿਰੀ ਕੰਪਲੈਕਸ ਇਸ ਦੌਰਾਨ ਪੁਲੀਸ ਤਾਇਨਾਤ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਜਾਣ ਵਾਲੇ ਮੁੱਖ ਦਫ਼ਤਰ ਨੂੰ ਵੀ ਬੰਦ ਕਰ ਦਿੱਤੇ ਜਾਣ ਕਾਰਨ ਦੂਰ-ਦੁਰਾਡੇ ਤੋਂ ਕੰਮਾਂ ਲਈ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪੁਲੀਸ ਨੇ ਧਰਨਾਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਾਉਣ ਤੋਂ ਇਲਾਵਾ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਪਰ ਸੰਘਰਸ਼ ਕਮੇਟੀ ਦੇ ਕਾਰਕੁਨ ਸਾਰੀਆਂ ਰੋਕਾਂ ਨੂੰ ਹਟਾਉਂਦੇ ਹੋਏ ਅੰਦਰ ਦਾਖ਼ਲ ਹੋਣ ਵਿੱਚ ਸਫ਼ਲ ਰਹੇ।
ਇਸ ਮੌਕੇ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਧਰਨਾ ਲਾ ਦਿੱਤਾ ਅਤੇ ਇਨਸਾਫ਼ ਮਿਲਣ ਤੱਕ ਪੱਕਾ ਮੋਰਚਾ ਲਾਉਣ ਦੇ ਐਲਾਨ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਅੱਜ ਦੀ ਅਗਵਾਈ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੌਜੀ ਨੇ ਸੰਬੋਧਨ ਕਰਦੇ ਕਿਹਾ ਕਿ ਪੀੜਤਾ ਨੂੰ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਕਮੇਟੀ ਵੱਲੋਂ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ 24 ਅਤੇ 25 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਧਰਨਾ ਲਾਉਣ ਅਤੇ ਰੇਲ ਰੋਕੋ ਪ੍ਰੋਗਰਾਮ ਦੀ ਰੂਪਰੇਖਾ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਐੱਸਪੀ (ਡੀ) ਨਵਜੋਤ ਸਿੰਘ ਸਿੱਧੂ ਨੇ ਧਰਨੇ ਵਿੱਚ ਪੁੱਜ ਕੇ ਦੱਸਿਆ ਕਿ ਜਾਂਚ ਦਾ ਕੰਮ ਚੱਲ ਰਿਹਾ ਹੈ ਅਤੇ 24 ਜੁਲਾਈ ਤੱਕ ਖੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਗੁਨਾਹਗਾਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ਼ ਦਿੱਤਾ ਜਾਵੇਗਾ। ਇਸ ਮਗਰੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਧਰਨਾ ਚੁੱਕਣ ਦਾ ਫੈਸਲਾ ਐਲਾਨ ਦਿੱਤਾ।

Advertisement

Advertisement
Tags :
Author Image

Advertisement
Advertisement
×