ਕਿਸਾਨ ਮੇਲਾ: ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਸੱਦਾ
ਗੁਰਦੇਵ ਸਿੰਘ ਗਹੂੰਣ
ਬਲਾਚੌਰ, 8 ਸਤੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬੱਲੋਵਾਲ ਸੌਂਖੜੀ ਵਿੱਚ ਲਗਾਏ ਗਏ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਆਉਂਦੀ ਹਾੜ੍ਹੀ ਅਤੇ ਬਸੰਤ ਰੁੱਤ ਦੀਆਂ ਫ਼ਸਲਾਂ ਲਈ ਪੀਏਯੂ ਦੇ ਡਾ. ਡੀਆਰ ਭੂੰਬਲਾ ਖੇਤਰੀ ਖੋਜ ਕੇਂਦਰ ਵਿੱਚ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਲਾਈ ਗਈ। ਸ੍ਰੀ ਰੌੜੀ ਨੇ ਕਿਹਾ ਕਿ ਇਸ ਮੇਲੇ ਵਿੱਚ ਜਿੱਥੇ ਆਧੁਨਿਕ ਸਮੇਂ ਵਿੱਚ ਪ੍ਰਯੋਗ ਹੋਣ ਵਾਲੀਆਂ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ, ਉਥੇ ਵਿਗਿਆਨਿਕ ਢੰਗ ਨਾਲ ਤਿਆਰ ਕੀਤੇ ਬੀਜਾਂ ਦੇ ਪ੍ਰਯੋਗ ਅਤੇ ਦੇਖ-ਭਾਲ ਕਰਨ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਤਾਂ ਜੋ ਕਿਸਾਨ ਆਧੁਨਿਕ ਢੰਗ ਨਾਲ ਖੇਤੀ ਕਰ ਕੇ ਵਾਧੂ ਝਾੜ ਦਾ ਲਾਭ ਲੈ ਸਕਣ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀ, ਫਲ ਤੇ ਦਾਲਾਂ ਪੈਦਾ ਕਰਨ ਲਈ ਪ੍ਰੇਰਿਤ ਕਰਦਿਆਂ ਬਦਲਵੀਆਂ ਫ਼ਸਲਾਂ ਲਗਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ।
ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਵਚਨਬੱਧ: ਜੌੜਾਮਾਜਰਾ
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਅਪਣਾਉਣ ਦਾ ਸੱਦਾ ਦਿੱਤਾ ਹੈ। ਜੇਪੀਜੀਏ ਵੱਲੋਂ ਕਰਤਾਰਪੁਰ ਅਨਾਜ ਮੰਡੀ ਵਿੱਚ ਕਰਵਾਏ ਗਏ ‘ਕਿਸਾਨ ਮੇਲੇ’ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਝੋਨੇ-ਕਣਕ ਦੀਆਂ ਫ਼ਸਲਾਂ ਤੋਂ ਦੂਰ ਹੋ ਕੇ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਆਪਣੀ ਆਮਦਨ ਦੁੱਗਣੀ ਕਰਨੀ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਨੇ ਵੀ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ।